ਫੈਕਟ ਸਮਾਚਾਰ ਸੇਵਾ
ਪਟਿਆਲਾ , ਜਨਵਰੀ 25
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਪਟਿਆਲਾ ਦਿਹਾਤੀ ਦੇ ਅਮਨ ਵਿਹਾਰ ਕਲੋਨੀ, ਤ੍ਰਿਪੜੀ, ਸੁਖਰਾਮ ਕਲੋਨੀ, ਪਿੰਡ ਲੰਗ, ਮਾਤਾ ਕੌਸ਼ਲਿਆ ਹਸਪਤਾਲ ਅਤੇ ਰਜਿੰਦਰਾ ਹਸਪਤਾਲ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਵਾਲੇ ਸੈਂਟਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਯੋਜਨਾ ਅਧੀਨ ਮਿਲਣ ਵਾਲੇ ਲਾਭ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਸਮਝਾਈ ਗਈ। ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ, ਜੋ ਕਿ ਸੂਬੇ ਦੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਅਗਵਾਈ ਹੇਠ ਇਹ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾ ਬਿਜਲੀ ਦੇ ਬਿੱਲ ਜ਼ੀਰੋ ਤੇ ਹੁਣ ਹਸਪਤਾਲ ਦੇ ਬਿੱਲ ਵੀ ਜ਼ੀਰੋ ਕਰ ਦਿੱਤੇ ਹਨ।ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਓਹਨਾ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। ਕਈ ਵਾਰ ਕੋਈ ਬਿਮਾਰੀ ਇੰਨੀ ਗੰਭੀਰ ਹੋ ਜਾਂਦੀ ਹੈ ਕਿ ਕਿਸੇ ਨੂੰ ਪ੍ਰਾਈਵੇਟ ਹਸਪਤਾਲ ਜਾਣਾ ਪੈਂਦਾ ਹੈ। “ਬਹੁਤ ਸਾਰੇ ਲੋਕ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਚੋਣ ਕਰਦੇ ਹਨ। ਇਸ ਲਈ ਅਜਿਹੀ ਯੋਜਨਾ ਲਾਗੂ ਕੀਤੀ ਗਈ ਹੈ ਜਿਸ ਦੇ ਤਹਿਤ ਪੰਜਾਬ ਦੇ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ, ਜਿੱਥੇ ਸਭ ਤੋਂ ਅਮੀਰ ਲੋਕ ਵੀ ਇਲਾਜ ਲਈ ਜਾਂਦੇ ਹਨ, ਹੁਣ ਸਭ ਤੋਂ ਗਰੀਬ ਕਿਸਾਨ, ਮਜ਼ਦੂਰ ਅਤੇ ਰਿਕਸ਼ਾ ਚਾਲਕ ਵੀ ਇਲਾਜ ਲਈ ਜਾ ਸਕਣਗੇ। ਉਨ੍ਹਾਂ ਨੂੰ ਪੈਸੇ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ।”
ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ , ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।”
ਓਹਨਾ ਇਹ ਵੀ ਦਸਿਆ ਕਿ ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ,ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿੱਚ ਸ਼ਾਮਲ ਹਨ।
ਸਿਹਤ ਮੰਤਰੀ ਨੇ ਦੱਸਿਆ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਵਿੱਚ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਐਸ ਡੀ ਐਮ ਹਰਜੋਤ ਕੌਰ , ਸੀ ਐਮ ਓ ਜਸਵਿੰਦਰ ਸਿੰਘ, ਡਾ ਕਿਰਨ, ਡਾ ਪਰਨੀਤ ਕੌਰ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।







