ਫੈਕਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਜੁਲਾਈ 17
ਜ਼ਿਲ੍ਹੇ ਵਿਚ ਲਾਗੂ ‘ਸੇਫ ਸਕੂਲ ਵਾਹਨ ਸਕੀਮ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਕੂਲੀ ਬੱਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਮਲਿਕ ਦੇ ਨਿਰਦੇਸ਼ਾਂ ‘ਤੇ ਰਿਜ਼ਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਅਮਨਦੀਪ ਕੌਰ ਘੁੰਮਣ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਸੰਦੀਪ ਭਾਰਤੀ ਦੀ ਅਗਵਾਈ ਵਿਚ ਟੀਮ ਨੇ ਤਿੰਨ ਸਕੂਲਾਂ ਦੀਆਂ ਕਰੀਬ 30 ਬੱਸਾਂ ਦੀ ਜਾਂਚ ਕੀਤੀ।
ਇਸ ਦੌਰਾਨ ਪਾਇਆ ਗਿਆ ਕਿ ਕੁਝ ਬੱਸਾਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਦਿੱਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰ ਰਹੀਆਂ ਸਨ। ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ 3 ਬੱਸਾਂ ਦੇ ਚਲਾਨ ਕੀਤੇ ਗਏ। ਆਰ.ਟੀ.ਓ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਦੇ ਬੱਸ ਮਾਲਕਾਂ ਨੂੰ ਸਖ਼ਤ ਹਦਾਇਤਾਂ ਦੇਣ ਕਿ ਉਹ ਬੱਸਾਂ ਨਾਲ ਸਬੰਧਤ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਇੰਨਸ਼ੋਰੈਂਸ ਆਦਿ ਆਪਣੇ ਕੋਲ ਰੱਖਣ ਅਤੇ ਸਮੇਂ-ਸਮੇਂ ‘ਤੇ ਉਨ੍ਹਾਂ ਦਾ ਨਵੀਨੀਕਰਨ ਕਰਵਾਉਣ ਅਤੇ ਸੇਫ਼ ਸਕੂਲ ਵਾਹਨ ਯੋਜਨਾ 2013 ਦੇ ਸਾਰੇ ਮਾਪਦੰਡਾਂ ਦੀ ਪਾਲਣਾ ਕਰਨ।
ਅਮਨਦੀਪ ਕੌਰ ਘੁੰਮਣ ਨੇ ਸਪੱਸ਼ਟ ਕੀਤਾ ਕਿ ਸਕੂਲਾਂ ਦੇ ਪ੍ਰਿੰਸੀਪਲ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸਕੂਲਾਂ ਨਾਲ ਜੁੜੀਆਂ ਸਾਰੀਆਂ ਬੱਸਾਂ ਨਿਯਮਾਂ ਦੀ ਪੂਰੀ ਪਾਲਣਾ ਵਿੱਚ ਚਲਾਈਆਂ ਜਾਣ। ਜੇਕਰ ਕੋਈ ਸਕੂਲ ਪੰਜਾਬ ਸਰਕਾਰ ਦੀ ਸੇਫ਼ ਸਕੂਲ ਵਾਹਨ ਸਕੀਮ ਦੀ ਉਲੰਘਣਾ ਕਰਦਾ ਹੈ, ਤਾਂ ਉਸ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜ਼ੀਹ ਹੈ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।