ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ

ਫੈਕਟ ਸਮਾਚਾਰ ਸੇਵਾ

ਸ੍ਰੀ ਮੁਕਤਸਰ ਸਾਹਿਬ, ਜਨਵਰੀ 13

ਮਾਘੀ ਦੇ ਇਤਿਹਾਸਕ ਅਤੇ ਪਵਿੱਤਰ ਮੇਲੇ ਤੋਂ ਪਹਿਲਾਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਪੰਜਾਬ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ, ਆਵਾਜਾਈ ਅਤੇ ਜਨਤਕ ਸਹੂਲਤਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ ਤਾਂ ਜੋ ਇਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਦੱਸਣਯੋਗ ਹੈ ਕਿ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਮਾਘੀ ਮੇਲਾ 13 ਜਨਵਰੀ ਤੋਂ 15 ਜਨਵਰੀ, 2026 ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸਪੈਸ਼ਲ ਡੀਜੀਪੀ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੇ ਨਾਲ, ਰੈਲੀ ਸਥਾਨ, ਵਾਹਨ ਅਤੇ ਬੱਸ ਪਾਰਕਿੰਗ ਸਥਾਨਾਂ, ਪੁਲਿਸ ਸਾਂਝ ਹੈਲਪ ਡੈਸਕਾਂ, ਸੰਵੇਦਨਸ਼ੀਲ ਸਥਾਨਾਂ ਅਤੇ ਸ਼ਹਿਰ ਭਰ ਵਿੱਚ ਸਥਾਪਤ ਨਾਕਿਆਂ ਦਾ ਵਿਆਪਕ ਸਮੀਖਿਆ ਕੀਤੀ।

ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ, ਨਿਰਵਿਘਨ ਆਵਾਜਾਈ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 6000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 37 ਮੁੱਖ ਥਾਵਾਂ ‘ਤੇ 100 ਸੀਸੀਟੀਵੀ ਕੈਮਰੇ, ਇਕੱਠ ਵਾਲੇ ਅਤੇ ਸੰਵੇਦਨਸ਼ੀਲ ਖੇਤਰਾਂ ਦੀ ਹਵਾਈ ਨਿਗਰਾਨੀ ਲਈ ਦੋ ਡਰੋਨ ਟੀਮਾਂ ਅਤੇ ਇਕੱਠ ਨੂੰ ਕੰਟਰੋਲ ਕਰਨ ਅਤੇ ਦਬਦਬੇ ਲਈ ਘੋੜ ਸਵਾਰ ਪੁਲਿਸ ਫੋਰਸ ਸਮੇਤ ਬਹੁ-ਪੱਧਰੀ ਨਿਗਰਾਨ ਪ੍ਰਣਾਲੀ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 94 ਸਖ਼ਤ ਨਾਕੇ (54 ਬਾਹਰੀ ਅਤੇ 40 ਅੰਦਰੂਨੀ) ਲਗਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਹਰ ਸਮੇਂ ਸੰਗਤ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਹਰ ਸੈਕਟਰ ਵਿੱਚ ਮੈਡੀਕਲ ਟੀਮਾਂ ਨਾਲ ਲੈਸ ਪੁਲਿਸ ਸਾਂਝ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰ ਸੈਕਟਰ ਵਿੱਚ ਹਸਪਤਾਲ ਨਿਰਧਾਰਤ ਕੀਤੇ ਗਏ ਹਨ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸ਼ਹਿਰ ਭਰ ਵਿੱਚ ਲੋੜੀਂਦੀ ਗਿਣਤੀ ਵਿੱਚ ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੰਗਤ ਦੇ ਨਿਰਵਿਘਨ ਆਉਣ-ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਟ੍ਰੈਫਿਕ ਯੋਜਨਾ ਤਿਆਰ ਕੀਤੀ ਗਈ ਹੈ। ਭਾਰੀ ਵਾਹਨਾਂ ਦੇ ਸ਼ਹਿਰ ਵਿੱਚ ਦਾਖਲ ਹੋਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਅਤੇ ਨਿਰਧਾਰਤ ਰੂਟਾਂ ‘ਤੇ ਸਿਰਫ ਐਮਰਜੈਂਸੀ ਵਾਹਨਾਂ ਨੂੰ ਹੀ ਆਵਾਜਾਈ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭੀੜ ਨੂੰ ਕਾਬੂ ਕਰਨ ਲਈ ਸ਼ਹਿਰ ਵਿੱਚ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ 10 ਪਾਰਕਿੰਗ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਅਤੇ ਛੇ ਅਸਥਾਈ ਬੱਸ ਸਟੈਂਡ ਸਥਾਪਤ ਕੀਤੇ ਗਏ ਹਨ। ਇਸ ਦੇ ਨਾਲ ਹੀ ਸੰਗਤ ਦੀ ਵੱਡੀ ਆਮਦ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ 300 ਮੀਟਰ ਦੇ ਘੇਰੇ ਨੂੰ ਨੋ-ਵਹੀਕਲ ਜ਼ੋਨ ਘੋਸ਼ਿਤ ਕੀਤਾ ਗਿਆ ਹੈ।

ਬਾਹਰੀ ਬਲ ਦੇ ਗਜ਼ਟਿਡ ਅਧਿਕਾਰੀਆਂ ਅਤੇ ਸੀਨੀਅਰ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਸੁਹਿਰਦਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਉਹਨਾਂ ਨੇ ਨਾਗਰਿਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਮਹੱਤਵਪੂਰਨ ਜਾਣਕਾਰੀ ਦੀ ਰਿਪੋਰਟ ਤੁਰੰਤ ਪੁਲਿਸ ਹੈਲਪਲਾਈਨ ਨੰਬਰ 80542-70100 ‘ਤੇ ਕਰਨ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *

View in English