View in English:
May 29, 2025 6:19 pm

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ : ਮੁੱਖ ਮੰਤਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 28

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ।

ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ ਦੇ ਦਸਵੀਂ ਤੇ ਬਾਰ੍ਹਵੀਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਾਰਿਆਂ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੇ ਇਸ ਸਫ਼ਲਤਾ ਲਈ ਅੱਧੀ-ਅੱਧੀ ਰਾਤ ਤੱਕ ਮਿਹਨਤ ਕੀਤੀ ਹੈ, ਉੱਥੇ ਇਨ੍ਹਾਂ ਵਿਦਿਆਰਥੀਆਂ ਦਾ ਮਾਰਗ-ਦਰਸ਼ਨ ਕਰਨ ਵਾਲੇ ਮਾਪਿਆਂ ਅਤੇ ਅਧਿਆਪਕਾਂ ਦਾ ਯੋਗਦਾਨ ਵੀ ਘੱਟ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਲਈ ਇਸ ਤਰ੍ਹਾਂ ਦੇ ਸਮਾਗਮ ਦਾ ਪ੍ਰਬੰਧ ਕੀਤਾ ਹੈ।

ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਭਰ ਵਿੱਚੋਂ ਮੋਹਰੀ ਵਿਦਿਆਰਥੀ ਇੱਥੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕਰਨਾ ਸੂਬਾ ਸਰਕਾਰ ਦਾ ਸੁਭਾਗ ਹੈ। ਉਨ੍ਹਾਂ ਸਾਰੇ ਅਧਿਆਪਕਾਂ ਅਤੇ ਮਾਪਿਆਂ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਇਹ ਸਾਰੇ ਵਿਦਿਆਰਥੀਆਂ ਦੇ ਕਰੀਅਰ ਵਿੱਚ ਅਹਿਮ ਪਲ ਹੈ। ਸੀਐਮ ਮਾਨ ਨੇ ਕਿਹਾ ਕਿ ਇਹ ਸਮਾਗਮ ਮੁੱਖ ਤੌਰ `ਤੇ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਦਾ ਅਭਿਆਸ ਹੈ ਕਿਉਂਕਿ ਉਹ ਭਵਿੱਖ ਦੇ ਨੇਤਾ ਹਨ।

ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦੀ ਪ੍ਰਸੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਆਪਣੇ ਰੋਲ ਮਾਡਲਾਂ ਦੀ ਚੋਣ ਧਿਆਨ ਨਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਹੁਣ ਇਹ ਵਿਦਿਆਰਥੀ ਆਪਣੇ ਜੂਨੀਅਰਾਂ ਦੇ ਰੋਲ ਮਾਡਲ ਬਣ ਗਏ ਹਨ ਅਤੇ ਇਹ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ ਕਿ ਉਹ ਦੂਜੇ ਵਿਦਿਆਰਥੀਆਂ ਨੂੰ ਵੀ ਕਾਮਯਾਬੀ ਹਾਸਲ ਕਰਨ ਲਈ ਉਤਸ਼ਾਹਿਤ ਕਰਨ। ਸੀਐਮ ਮਾਨ ਨੇ ਕਿਹਾ ਕਿ ਨਿੱਜੀ ਤੌਰ `ਤੇ ਉਨ੍ਹਾਂ ਲਈ ਇਨ੍ਹਾਂ ਆਤਮ-ਵਿਸ਼ਵਾਸੀ ਬੱਚਿਆਂ ਨਾਲ ਗੱਲਬਾਤ ਕਰਨਾ ਬਹੁਤ ਮਾਣ ਅਤੇ ਖੁਸ਼ੀ ਦਾ ਪਲ ਹੈ, ਜੋ ਸ਼ਾਨਦਾਰ ਕਰੀਅਰ ਬਣਾਉਣ ਵੱਲ ਤੇਜ਼ੀ ਨਾਲ ਵਧ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਆਗੂਆਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਿਚਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲ ਕਦੇ ਵੀ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਰਹੇ। ਸੀਐਮ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲ ਸਿੱਖਿਆ ਦੇਣ ਦੀ ਬਜਾਏ ਸਿਰਫ਼ ਮਿਡ-ਡੇਅ ਮੀਲ ਸੈਂਟਰ ਬਣ ਕੇ ਰਹਿ ਗਏ ਸਨ।

ਵਿਦਿਆਰਥੀਆਂ ਨੂੰ ਆਪਣੀ ਪਸੰਦ ਦੇ ਖੇਤਰ ਨੂੰ ਧਿਆਨ ਨਾਲ ਚੁਣਨ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਨੰਬਰ ਉਤੇ ਆਉਣ ਵਾਲੇ ਵਿਦਿਆਰਥੀਆਂ ਦੇ ਪਿੱਛੇ ਦੂਜੇ ਅਤੇ ਤੀਜੇ ਸਥਾਨ `ਤੇ ਆਉਣ ਵਾਲੇ ਵਿਦਿਆਰਥੀਆਂ ਦਾ ਵੀ ਯੋਗਦਾਨ ਹੁੰਦਾ ਹੈ, ਉਨ੍ਹਾਂ ਦੀ ਵਜ੍ਹਾ ਨਾਲ ਹੀ ਉਹ ਪਹਿਲੇ ਸਥਾਨ ਉੱਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਸਿਹਤਮੰਦ ਮੁਕਾਬਲੇ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਾ ਹੈ, ਜਿਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਆਉਂਦਾ ਹੈ। ਮਾਨ ਨੇ ਕਿਹਾ ਕਿ ਅਧਿਆਪਕ ਬਹੁਤ ਖ਼ੁਸ਼ ਹੁੰਦੇ ਹਨ, ਜਦੋਂ ਉਹ ਆਪਣੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਉਚਾਈਆਂ ਛੋਂਹਦੇ ਹੋਏ ਦੇਖਦੇ ਹਨ।

ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਆਪਣੇ ਲਈ ਵੱਖਰੀ ਪਛਾਣ ਬਣਾਉਣਗੇ। ਉਨ੍ਹਾਂ ਨੌਜਵਾਨਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਗਤੀ ਅਤੇ ਖੁਸ਼ਹਾਲੀ ਲਈ ਅਥਾਹ ਸੰਭਾਵਨਾਵਾਂ ਹਨ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣ ਉੱਤੇ ਕੇਂਦਰਤ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵਿਲੱਖਣ ਪਛਾਣ ਬਣਾਉਣ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਯਤਨ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਕੀਤਾ। ਸੀਐਮ ਮਾਨ ਨੇ ਨੌਜਵਾਨਾਂ ਨੂੰ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ `ਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰ ਕੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਹੋਰ ਕੁਝ ਵੀ ਮਹੱਤਵਪੂਰਨ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਦਾ ਗੁਣ ਵਿਰਾਸਤ ਵਿੱਚੋਂ ਮਿਲਿਆ ਹੈ ਅਤੇ ਉਨ੍ਹਾਂ ਦੀ ਸਮਰੱਥਾ ਦੀ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ਾਂ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਮੱਲਾਂ ਮਾਰਨ ਲਈ ਲਾਂਚ ਪੈਡ ਪ੍ਰਦਾਨ ਕਰੇਗੀ। ਸੀਐਮ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਾਲ ਨਹੀਂ ਬੈਠਣਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਟੀਚਿਆਂ ਨੂੰ ਸਰ ਨਹੀਂ ਕਰਦੇ ਅਤੇ ਹਰ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਨਹੀਂ ਕਰਦੇ।

ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਇੱਕ ਮਹੱਤਵਪੂਰਨ ਤਬਦੀਲੀ ਵਿੱਚੋਂ ਲੰਘ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਨੁਹਾਰ ਬਦਲ ਜਾ ਰਹੀ ਹੈ ਅਤੇ ਪੰਜਾਬ ਯਕੀਨੀ ਤੌਰ ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਤੇ ਕੇਂਦਰਿਤ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਗੈਰ ਅਧਿਆਪਨ ਕੰਮਾਂ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਕੀਤੀ ਜਾਵੇ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਮਾਗਮ ਵਿੱਚ ਪੁੱਜਣ ਉੱਤੇ ਸਵਾਗਤ ਕੀਤਾ।

Leave a Reply

Your email address will not be published. Required fields are marked *

View in English