View in English:
July 5, 2024 6:09 pm

ਹਾਈ ਕੋਰਟ ਤੋਂ ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜੁਲਾਈ 3

ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਨਗਰ ਪੰਚਾਇਤ ਬੇਗੋਵਾਲ ਦੀ 172 ਕਨਾਲ 15 ਮਰਲੇ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਦੇ ਮਾਮਲੇ ’ਚ ਵਿਜੀਲੈਂਸ ਬਿਊਰੋ ਨੂੰ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਇਸ ਮਾਮਲੇ ਵਿਚ ਅਧਿਕਾਰੀਆਂ ਖ਼ਿਲਾਫ਼ ਅਪਰਾਧਿਕ ਤੇ ਵਿਭਾਗੀ ਪੱਧਰ ’ਤੇ ਕਾਰਵਾਈ ਕਰਦਿਆਂ 6 ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਜਾਰਜ ਸੁਭਾ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਨਗਰ ਪੰਚਾਇਤ ਦੀ 172 ਕਨਾਲ 15 ਮਰਲੇ ਜ਼ਮੀਨ ’ਤੇ ਸਕੂਲ ਅਤੇ ਕਾਲਜ ਬਣਾ ਕੇ ਕਬਜ਼ਾ ਕੀਤਾ ਗਿਆ ਹੈ। ਇਸ ਮਾਮਲੇ ਵਿਚ ਪਟੀਸ਼ਨਰ ਨੇ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੂੰ ਮੁੱਢਲੀ ਜਾਂਚ ਦੇ ਹੁਕਮ ਦਿੱਤੇ ਸਨ। ਵਿਜੀਲੈਂਸ ਨੇ ਆਪਣੀ ਅੰਤ੍ਰਿਮ ਰਿਪੋਰਟ ਵਿਚ ਐੱਸਪੀਐੱਸ ਐਜੂਕੇਸ਼ਨਲ ਸੁਸਾਇਟੀ ਵੱਲੋਂ ਜ਼ਮੀਨ ’ਤੇ ਨਾਜਾਇਜ਼ ਕਬਜ਼ਿਆਂ ਨੂੰ ਮੰਨਿਆ ਸੀ ਅਤੇ ਕਿਹਾ ਸੀ ਕਿ ਇਸ ਨਾਲ ਸਰਕਾਰ ਨੂੰ 5.91 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਰਿਪੋਰਟ ਨੂੰ ਆਧਾਰ ਮੰਨਦਿਆਂ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਨਗਰ ਪੰਚਾਇਤ ਬੇਗੋਵਾਲ ਦੇ ਕਾਰਜਸਾਧਕ ਅਫ਼ਸਰ ਨੂੰ ਮਾਲੀਆ ਨੁਕਸਾਨ ਦੀ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਜ਼ਮੀਨ ਦਾ ਕਬਜ਼ਾ ਵਾਪਸ ਲੈਣ ਲਈ ਵੀ ਕਾਨੂੰਨ ਅਨੁਸਾਰ ਕਦਮ ਚੁੱਕੇ ਜਾਣ। ਹਾਈ ਕੋਰਟ ਨੇ ਆਪਣੇ ਹੁਕਮਾਂ ਵਿਚ ਅਧਿਕਾਰੀਆਂ ਦੀ ਭੂਮਿਕਾ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਹ ਜ਼ਮੀਨ 1993 ਵਿਚ ਬਣੀ ਨੋਟੀਫਾਈਡ ਏਰੀਆ ਕਮੇਟੀ ਦੇ ਅਧੀਨ ਆਉਂਦੀ ਹੈ। ਉਦੋਂ ਤੋਂ ਲੈ ਕੇ ਹੁਣ ਤੱਕ ਕਾਬਜ਼ਕਾਰਾਂ ਨੂੰ ਸਿਰਫ਼ 1 ਨੋਟਿਸ ਦਿੱਤਾ ਗਿਆ ਹੈ। ਜਿਨ੍ਹਾਂ ਕੋਲ ਕੋਈ ਹੱਕ ਨਹੀਂ ਸੀ, ਉਹ ਕਬਜ਼ਾ ਕਰ ਕੇ ਬੈਠੇ ਹਨ ਅਤੇ ਅਧਿਕਾਰੀ ਅੱਖਾਂ ਮੀਟੀ ਬੈਠੇ ਹਨ। ਹਾਈ ਕੋਰਟ ਨੇ ਹੁਣ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿਚ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਵਿਰੁੱਧ ਅਪਰਾਧਿਕ ਅਤੇ ਵਿਭਾਗੀ ਕਾਰਵਾਈ ਕਰ ਕੇ 6 ਮਹੀਨਿਆਂ ਦੇ ਅੰਦਰ ਰਿਪੋਰਟ ਦਰਜ ਕਰਨ ਦੇ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *

View in English