ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਮਾਰਚ 9
ਹੋਲੀ ਤੋਂ ਪਹਿਲਾਂ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਗਰਮੀ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਰਾਜਾਂ ਵਿੱਚ ਹੋਲੀ ਤੋਂ ਪਹਿਲਾਂ ਪਾਰਾ ਹਰ ਰੋਜ਼ ਵਧੇਗਾ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਰਾਜਾਂ ਦੇ ਉੱਚਾਈ ਵਾਲੇ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅਗਲੇ 3-4 ਦਿਨਾਂ ਵਿੱਚ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਬਿਹਾਰ ਅਤੇ ਬੰਗਾਲ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਸਿੱਕਮ ਵਿੱਚ ਮੀਂਹ ਅਤੇ ਬਰਫ਼ਬਾਰੀ ਦੇ ਨਾਲ-ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ 9 ਮਾਰਚ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰਨ ਵਾਲੀ ਇੱਕ ਨਵੀਂ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ 13 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। 10 ਤੋਂ 13 ਮਾਰਚ ਦੌਰਾਨ ਉੱਤਰਾਖੰਡ ਵਿੱਚ ਵੀ ਬਰਫ਼ਬਾਰੀ ਅਤੇ ਮੀਂਹ ਪੈ ਸਕਦਾ ਹੈ। 12-14 ਮਾਰਚ ਨੂੰ ਪੰਜਾਬ 13-14 ਮਾਰਚ ਨੂੰ ਹਰਿਆਣਾ ਅਤੇ 14 ਮਾਰਚ ਨੂੰ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 10 ਅਤੇ 11 ਤਰੀਕ ਨੂੰ ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ। 11 ਮਾਰਚ ਨੂੰ ਲਕਸ਼ਦੀਪ ਅਤੇ ਕਰਨਾਟਕ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। 11 ਅਤੇ 12 ਮਾਰਚ ਨੂੰ ਦਿੱਲੀ ਅਤੇ ਗੰਗਾ ਦੇ ਮੈਦਾਨੀ ਇਲਾਕਿਆਂ ਵਿੱਚ 20-30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਅਗਲੇ 4 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ 2-4 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੂਰਬ ਅਤੇ ਪੱਛਮ ਵਿੱਚ ਵੱਧ ਤੋਂ ਵੱਧ ਤਾਪਮਾਨ 3-5 ਡਿਗਰੀ ਸੈਲਸੀਅਸ ਵਧ ਸਕਦਾ ਹੈ।