View in English:
May 18, 2024 11:26 am

ਹੁਸ਼ਿਆਰਪੁਰ ‘ਚ ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ : ਡਿਪਟੀ ਕਮਿਸ਼ਨਰ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਸਤੰਬਰ 11

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਦਾ ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ। ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ। ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।

Leave a Reply

Your email address will not be published. Required fields are marked *

View in English