ਫੈਕਟ ਸਮਾਚਾਰ ਸੇਵਾ
ਮੋਰਿੰਡਾ, ਦਸੰਬਰ 31
ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਅੱਜ ਸਰਕਾਰੀ ਹਸਪਤਾਲ ਮੋਰਿੰਡਾ ਦਾ ਅਚਨਚੇਤ ਦੌਰਾ ਕੀਤਾ ਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਨੂੰ 1 ਕਰੋੜ ਰੁਪਏ ਦੀ ਲਾਗਤ ਨਾਲ ਅੱਪਡੇਟ ਕੀਤਾ ਜਾਵੇਗਾ ਤੇ ਮਰੀਜ਼ਾਂ ਨੂੰ ਅਤਿਆਧੁਨਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਗੱਲਬਾਤ ਕਰਦਿਆਂ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਉਨ੍ਹਾਂ ਕਿਹਾ ਕਿ ਸਾਡਾ ਮੁੱਖ ਟੀਚਾ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਹੈ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪੰਜਾਬ ਦੇ ਸਾਰੇ ਸਬ-ਸਬ-ਡਵੀਜ਼ਨਲ, ਡਵੀਜ਼ਨਲ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮਿਲਣਗੀਆਂ ਅਤੇ ਟੈਸਟ ਵੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।
ਸਿਵਲ ਹਸਪਤਾਲ ਮੋਰਿੰਡਾ ਦੇ ਆਧੁਨੀਕਰਣ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਦੇ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ ਦੇ ਮੈਂਬਰ ਸਿਵਲ ਸਰਜਨ ਰੂਪਨਗਰ, ਸਬ ਡਵੀਜ਼ਨਲ ਮੈਜਿਸਟਰੇਟ ਮੋਰਿੰਡਾ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਰੂਪਨਗਰ, ਐਸ.ਐਮ.ਓ. ਮੋਰਿੰਡਾ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਆਧੁਨੀਕਰਣ ਦੇ ਪ੍ਰੋਜੈਕਟ ਸੰਬੰਧੀ ਇਸ ਕਮੇਟੀ ਨੂੰ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਇਸ ਦੌਰੇ ਦੌਰਾਨ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਤੇ ਮਰੀਜ਼ਾਂ ਤੇ ਉਨ੍ਹਾਂ ਦੇ ਨਾਲ ਹੋਏ ਰਿਸ਼ਤੇਦਾਰਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲ ਵਿੱਚ ਸਾਫ਼ ਸਫਾਈ ਰੱਖਣ ਲਈ ਵੀ ਦਿਸ਼ਾ ਨਿਰਦੇਸ਼ ਦਿੱਤੇ ਅਤੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਾਂ ਪ੍ਰਤੀ ਨਰਮ ਰਵੱਈਆ ਵਰਤਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਹ ਚੈਕਿੰਗਾਂ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।