View in English:
May 26, 2024 10:08 am

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਫੈਕਟ ਸਮਾਚਾਰ ਸੇਵਾ

ਜਲੰਧਰ, ਅਪ੍ਰੈਲ 24

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ ‘ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ ‘ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English