ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਕਤੂਬਰ 8
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣਾ ਪ੍ਰਚਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸੇ ਲੜੀ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਤਰਜ਼ ‘ਤੇ ਸੂਬਾ ਕਾਂਗਰਸ ਵੱਲੋਂ ਦਿੱਲੀ ਜੋੜੋ ਯਾਤਰਾ ਕੱਢੀ ਜਾ ਰਹੀ ਹੈ। ਇਹ 23 ਅਕਤੂਬਰ ਤੋਂ ਸ਼ੁਰੂ ਹੋਵੇਗੀ। ਇਸ ਯਾਤਰਾ ‘ਚ ਕਾਂਗਰਸ ਦੇ ਉੱਘੇ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਮੁੱਖ ਤੌਰ ‘ਤੇ ਸ਼ਾਮਲ ਹੋਣਗੇ। ਦਿੱਲੀ ਦੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲਿਆਉਣ ਲਈ ਇਸ ਨੂੰ ਕਾਂਗਰਸ ਦੀ ਵੱਡੀ ਬਾਜ਼ੀ ਮੰਨਿਆ ਜਾ ਰਿਹਾ ਹੈ।
ਸੂਬਾ ਕਾਂਗਰਸ ਨੇ ਤਿਉਹਾਰਾਂ ਦੇ ਮੱਦੇਨਜ਼ਰ ਇਸ ਯਾਤਰਾ ਨੂੰ ਚਾਰ ਪੜਾਵਾਂ ਵਿੱਚ ਵੰਡਿਆ ਹੈ ਤਾਂ ਜੋ ਇਸ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕੀਤਾ ਜਾ ਸਕੇ ਅਤੇ ਕਾਂਗਰਸ ਵੱਧ ਤੋਂ ਵੱਧ ਲੋਕਾਂ ਤੱਕ ਆਪਣਾ ਸੰਦੇਸ਼ ਪਹੁੰਚਾ ਸਕੇ। ਪਹਿਲਾ ਪੜਾਅ 23 ਅਕਤੂਬਰ ਤੋਂ 28 ਅਕਤੂਬਰ ਤੱਕ, ਦੂਜਾ ਪੜਾਅ 4 ਨਵੰਬਰ ਤੋਂ 10 ਨਵੰਬਰ ਤੱਕ, ਤੀਜਾ ਪੜਾਅ 12 ਤੋਂ 18 ਨਵੰਬਰ ਤੱਕ ਅਤੇ ਚੌਥਾ ਅਤੇ ਆਖਰੀ ਪੜਾਅ 20 ਨਵੰਬਰ ਤੋਂ 28 ਨਵੰਬਰ ਤੱਕ ਚੱਲੇਗਾ।