View in English:
November 18, 2024 7:57 pm

ਡੀ.ਏ.ਪੀ. ਖਾਦ ਦੇ ਬਦਲ ਵੱਜੋ ਟੀ.ਐਸ.ਪੀ., ਐਨ.ਪੀ.ਕੇ., ਸਿੰਗਲ ਸੁਪਰ ਫਾਸਫੇਟ ਅਤੇ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ

*ਹਰਪ੍ਰੀਤਪਾਲ ਕੌਰ ਨੇ ਸੰਭਾਲਿਆ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ
*ਕਿਸਾਨਾਂ ਨੂੰ ਹਾੜ੍ਹੀ ਦੇ ਸੀਜ਼ਨ ਲਈ ਖਾਦ ਦੀ ਦਿੱਕਤ ਨਹੀਂ ਆਉਣ
ਦਿੱਤੀ ਜਾਵੇਗੀ-ਹਰਪ੍ਰੀਤਪਾਲ ਕੌਰ
ਮਾਨਸਾ, 18 ਨਵੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀਆਂ ਬਦਲ ਖਾਦਾਂ ਦੀ ਵਰਤੋਂ ਕਰਨ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਨਸਾ ਜ਼ਿਲ੍ਹੇ ਵਿਖੇ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਅੱਜ ਮਾਨਸਾ ਵਿਖੇ ਜੁਆਇੰਨ ਕਰਦਿਆਂ ਕੀਤਾ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖਾਦ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹਾੜ੍ਹੀ ਸੀਜ਼ਨ ਦੌਰਾਨ ਕਰੀਬ 23176 ਮੀਟਰਕ ਟਨ ਡੀ.ਏ.ਪੀ ਦੀ ਜ਼ਰੂਰਤ ਹੁੰਦੀ ਹੈ ਜਿਸ ਵਿੱਚੋਂ 21700 ਮੀਟਰਕ ਟਨ ਡੀ.ਏ.ਪੀ. ਅਤੇ ਹੋਰ ਖਾਦਾਂ ਆ ਚੁੱਕੀਆਂ ਹਨ। ਬਾਕੀ ਰਹਿੰਦੀ ਡੀ.ਏ.ਪੀ. ਖਾਦ ਦੀ ਪੂਰਤੀ ਆਉਣ ਵਾਲੇ ਸਮੇਂ ਵਿੱਚ ਲੱਗਣ ਵਾਲੇ ਰੈਕਾਂ ਨਾਲ ਹੋ ਜਾਵੇਗੀ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਖਾਦ ਡੀਲਰਾਂ ਦੀਆਂ ਦੁਕਾਨਾਂ ਤੇ ਗੋਦਾਮਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਸਮੂਹ ਡੀਲਰਾਂ ਨੂੰ, ਕਿਸਾਨਾਂ ਨੂੰ ਮਿਆਰੀ ਖਾਦ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵੱਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ ਪੀ ਕੇ (12:32:16) ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ.ਏ.ਪੀ. ਵਾਂਗ 46 ਫੀਸਦੀ ਫਾਸਫੋਰਸ ਤੱਤ ਹੁੰਦਾ ਹੈ। ਐਨ.ਪੀ.ਕੇ. (12:32:16) ਦੀ ਵਰਤੋਂ ਵੀ ਡੀ.ਏ.ਪੀ. ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ।
ਇਸ ਮੌਕੇ ਡੀ.ਟੀ.ਓ. ਮਾਨਸਾ ਡਾ. ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸ਼੍ਰੀ ਹਰਵਿੰਦਰ ਸਿੰਘ, ਡਿਪਟੀ ਪ੍ਰੋਜੈਕਟਰ ਡਾਇਰੈਕਟਰ (ਆਤਮਾ) ਡਾ. ਚਮਨਦੀਪ ਸਿੰਘ ਤੋਂ ਇਲਾਵਾ ਸਮੂਹ ਖੇਤੀਬਾੜੀ ਵਿਕਾਸ ਅਫ਼ਸਰ, ਦਫ਼ਤਰੀ ਸਟਾਫ਼ ਅਤੇ ਖਾਦ, ਬੀਜ, ਦਵਾਈ ਵਿਕਰੇਤਾ ਮੌਜੂਦ ਸਨ।

Leave a Reply

Your email address will not be published. Required fields are marked *

View in English