ਫੈਕਟ ਸਮਾਚਾਰ ਸੇਵਾ
ਜਲੰਧਰ, ਜਨਵਰੀ 22
ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਨਵੇਂ ਤੇ ਨਵਿਆਉਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣਗੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ ਅਤੇ ਭਾਗੀਦਾਰ ਸਕੂਲਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ।
ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮਗਾਰਡ, ਐਨ.ਸੀ.ਸੀ ਲੜਕੇ ਅਤੇ ਲੜਕੀਆਂ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਬਾਅਦ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੋਂ ਇਲਾਵਾ ਐਸ.ਡੀ. ਫੁੱਲਰਵਾਨ ਸਕੂਲ, ਪੁਲਿਸ ਡੀ.ਏ.ਵੀ. ਸਕੂਲ, ਡਿਪਸ ਸੂਰਾਨੁੱਸੀ, ਇਨੋਸੈਂਟ ਹਾਰਟ ਸਕੂਲ, ਨਿਊ ਸੇਂਟ ਸੋਲਜਰ ਸਕੂਲ, ਰੈੱਡ ਕਰਾਸ ਸਕੂਲ ਫਾਰ ਡੈੱਫ ਐਂਡ ਡੰਬ, ਮਾਨਵ ਸਹਿਯੋਗ ਸਕੂਲ, ਏ.ਪੀ.ਜੇ. ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।