ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 4
ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦਾ ਅਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।
ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਰਾਜਪਾਲ ਦੀ ਇਜਾਜ਼ਤ ਨਾਲ ਸਮਾਗਮ ਦੀ ਕਾਰਵਾਈ ਚਲਾਈ। ਹਲਫ਼ ਲੈਣ ਤੋਂ ਬਾਅਦ ਸੰਜੀਵ ਅਰੋੜਾ ਨੇ ਸਹੁੰ ਪੱਤਰ ’ਤੇ ਦਸਤਖ਼ਤ ਕੀਤੇ ਜਿਸ ’ਤੇ ਰਾਜਪਾਲ ਨੇ ਵੀ ਦਸਤਖਤ ਕੀਤੇ।
ਸਹੁੰ ਚੁੱਕ ਸਮਾਗਮ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਬੈਂਸ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਦੀਪ ਸਿੰਘ ਮੁੰਡੀਆਂ, ਮਹਿੰਦਰ ਭਗਤ, ਡਾ. ਰਵਜੋਤ ਸਿੰਘ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਸਮਾਗਮ ਦੌਰਾਨ ਵੱਖ-ਵੱਖ ਵਿਧਾਇਕ, ਪਾਰਟੀ ਆਗੂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਨਵੇਂ ਬਣੇ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।