View in English:
July 15, 2025 3:05 am

ਬੇਅਦਬੀ ਬਿੱਲ ਨੂੰ ਪੰਜਾਬ ਕੈਬਨਿਟ ਮੀਟਿੰਗ ‘ਚ ਮਿਲੀ ਮਨਜ਼ੂਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜੁਲਾਈ 14

ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਕੀਤੀ ਕੈਬਨਿਟ ਮੀਟਿੰਗ ਦੌਰਾਨ ਬੇਅਦਬੀ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਇਹ ਬਿਲ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਜਾਵੇਗਾ। ਇਸ ਨਵੇਂ ਬਿਲ ਤਹਿਤ ਹੁਣ ਪੰਜਾਬ ‘ਚ ਧਾਰਮਿਕ ਗ੍ਰੰਥਾਂ ਜਾਂ ਧਾਰਮਿਕ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਇਸ ਬਾਰੇ ਜਾਣਕਾਰੀ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਵਲੋਂ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਸਰਕਾਰ ਅਜਿਹਾ ਕਾਨੂੰਨ ਲਿਆਉਣਾ ਚਾਹੁੰਦੀ ਹੈ ਜੋ ਸਥਾਈ ਹੋਵੇ ਅਤੇ ਭਵਿੱਖ ਵਿਚ ਵੀ ਮਜ਼ਬੂਤੀ ਨਾਲ ਲਾਗੂ ਹੋਵੇ। ਇਸ ਲਈ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਛੱਡੀ ਜਾਵੇਗੀ।

ਇਸ ਵੇਲੇ ਬੇਅਦਬੀ ਵਰਗੇ ਮਾਮਲਿਆਂ ਲਈ ਭਾਰਤੀ ਨਿਆਂ ਸੰਹਿਤਾ ਦੀ ਧਾਰਾ 298 ਅਤੇ 299 ਤਹਿਤ ਵੱਧ ਤੋਂ ਵੱਧ ਤਿੰਨ ਸਾਲ ਦੀ ਸਜ਼ਾ ਦੀ ਵਿਵਸਥਾ ਹੈ। ਪਰ ਪੰਜਾਬ ਸਰਕਾਰ ਇਸ ਸਜ਼ਾ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਵਧਾਉਣ ਦਾ ਪ੍ਰਸਤਾਵ ਰੱਖ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਕਾਨੂੰਨ ਵਿਚ ਅਜਿਹੇ ਪ੍ਰਬੰਧ ਜੋੜਨਾ ਚਾਹੁੰਦੀ ਹੈ ਤਾਂ ਜੋ ਨਾ ਸਿਰਫ਼ ਦੋਸ਼ੀ ਨੂੰ ਸਗੋਂ ਉਸਦੇ ਪਰਿਵਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾ ਸਕੇ। ਮਕਸਦ ਇਹ ਹੈ ਕਿ ਕੋਈ ਦੁਬਾਰਾ ਅਜਿਹੀ ਕਾਰਵਾਈ ਬਾਰੇ ਸੋਚ ਵੀ ਨਾ ਸਕੇ।

ਇਸ ਕੈਬਨਿਟ ਮੀਟਿੰਗ ਵਿਚ ਕਾਨੂੰਨ ਸੰਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਇਹ ਪੰਜਾਬ ਵਿਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਹੁਣ ਤੱਕ ਦਾ ਸਭ ਤੋਂ ਸਖ਼ਤ ਕਦਮ ਮੰਨਿਆ ਜਾਵੇਗਾ।

Leave a Reply

Your email address will not be published. Required fields are marked *

View in English