ਫੈਕਟ ਸਮਾਚਾਰ ਸੇਵਾ
ਜਲੰਧਰ, ਅਗਸਤ 13
ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤਰੀ ਪੁਲਿਸ ਅਧਿਕਾਰੀਆਂ ਨੂੰ ਹੋਰ ਮੁਸਤੈਦੀ ਨਾਲ ਡਿਊਟੀ ਨਿਭਾਉਣ ਪ੍ਰਤੀ ਉਤਸ਼ਾਹਿਤ ਕਰਨ ਲਈ ਕਮਿਸ਼ਨਰ ਪੁਲਿਸ ਧਨਪ੍ਰੀਤ ਕੌਰ ਵਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਨਾਕਿਆਂ ’ਤੇ ਸ਼ੱਕੀ ਵਿਅਕਤੀਆਂ ਤੇ ਗਤੀਵਿਧੀਆਂ ਦੀ ਜਾਂਚ ਬਾਰੇ ਹਦਾਇਤਾਂ ਦਿੱਤੀਆਂ। ਉਨ੍ਹਾਂ ਵਿਅਕਤੀਗਤ ਤੌਰ ’ਤੇ ਨਾਕਿਆਂ ਉਤੇ ਪੁਲਿਸ ਤਾਇਨਾਤੀ ਦੀ ਜਾਂਚ ਕੀਤੀ ਅਤੇ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਸੁਚੱਜੀ ਜਾਂਚ ਨੂੰ ਯਕੀਨੀ ਬਣਾਇਆ।
ਕਮਿਸ਼ਨਰ ਪੁਲਿਸ ਵਲੋਂ ਦੋਆਬਾ ਚੌਕ, ਸੋਢਲ ਚੌਕ, ਵਰਕਸ਼ਾਪ ਚੌਕ, ਬਸਤੀ ਬਾਵਾ ਖੇਲ ਅਤੇ ਹੋਰ ਪ੍ਰਮੁੱਖ ਸਥਾਨਾਂ ਦਾ ਦੌਰਾ ਕੀਤਾ ਗਿਆ ਅਤੇ ਡਿਊਟੀ ’ਤੇ ਤਾਇਨਾਤ ਪੁਲਿਸ ਕਰਮੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਪੁਲਿਸ ਕਰਮੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਕਿਹਾ ਤਾਂ ਜੋ ਜੇਕਰ ਕੋਈ ਸ਼ੱਕੀ ਵਿਅਕਤੀ ਹੋਵੇ ਤਾਂ ਉਨ੍ਹਾਂ ਦੀਆਂ ਨਜ਼ਰਾਂ ਤੋਂ ਬਚ ਨਾ ਸਕੇ। ਉਨ੍ਹਾਂ ਸ਼ਹਿਰ ਵਿੱਚੋਂ ਲੰਘਣ ਵਾਲੇ ਖਾਸ ਕਰ ਅੰਤਰ ਰਾਜ਼ੀ ਵਾਹਨਾਂ ਦੀ ਜਾਂਚ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੰਮੂ ਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਨੂੰ ਜਾਣ ਵਾਲਿਆਂ ਲਈ ਜਲੰਧਰ ਆਵਾਜਾਈ ਦਾ ਮੁੱਖ ਸਥਾਨ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਮੌਕੇ ֹ’ਤੇ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਕਮਿਸ਼ਨਰ ਪੁਲਿਸ ਨੇ ਸੁਤੰਤਰਤਾ ਦਿਵਸ ਅਤੇ ਜਨਮ ਅਸ਼ਟਮੀ ਸਮਾਗਮਾਂ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸੇ ਵੀ ਕੀਮਤ ’ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ।