ਫੈਕਟ ਸਮਾਚਾਰ ਸੇਵਾ
ਹਰੀਕੇ, ਅਗਸਤ 19
ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਅਤੇ ਐੱਸ. ਐੱਸ. ਪੀ. ਦੀਪਕ ਪਾਰਿਕ ਵੱਲੋਂ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਵਾਲੇ ਪਾਸੇ ਪੈਂਦੇ ਸਤਲੁਜ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜਾ ਲੈਣ ਧੁੱਸੀ ਬੰਨ੍ਹ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਪਿੰਡ ਗੱਟੀ ਹਰੀਕੇ, ਬਸਤੀ ਲਾਲ ਸਿੰਘ ਘੜੁੰਮ, ਕੁੱਤੀਵਾਲ ਅਤੇ ਸਭਰਾ ਆਦਿ ਵਿਖੇ ਦਰਿਆ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ਦਾ ਜ਼ਾਇਜ਼ਾ ਲਿਆ ਅਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਐੱਸ. ਡੀ. ਐੱਮ. ਪੱਟੀ ਪ੍ਰੀਤਇੰਦਰ ਸਿੰਘ, ਐਕਸੀਅਨ ਡਰੇਨੇਜ਼ ਸਾਹਿਲ ਕੁਮਾਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੜ੍ਹਾਂ ਸਬੰਧੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ।ਉਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾ਼ਸ਼ਨ ਤਰਨ ਤਾਰਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋੜ ਪੈਣ ਤੇ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।ਉਨਾਂ ਇਹ ਵੀ ਕਿਹਾ ਕਿ ਲੋਕ ਹੜ੍ਹ ਸਬੰਧੀ ਕਿਸੇ ਅਫਵਾਹ ਉੱਪਰ ਯਕੀਨ ਨਾ ਕਰਨ ਕਿਉਂਕਿ ਜ਼ਿਲ੍ਹੇ ਵਿੱਚ ਸਥਿਤੀ ਬਿਲਕੁਲ ਨਾਰਮਲ ਹੈ ।
ਉਹਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਮੀਂਹ ਕਾਰਨ ਦਰਿਆ ਬਿਆਸ ਅਤੇ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਿਆ ਹੈ, ਪਰ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਉਨ੍ਹਾਂ ਸਮੂਹ ਐਸ. ਡੀ. ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਫਲੱਡ ਪਲਾਨ ਅਨੁਸਾਰ ਉਹ ਆਪਣੀਆਂ ਟੀਮਾਂ ਨੂੰ ਚੌਕਸ ਰੱਖਣ ਤਾਂ ਜੋ ਕਿਸੇ ਵੀ ਸਥਿਤੀ ਨਾਲ ਤੁਰੰਤ ਪ੍ਰਭਾਵ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਐੱਸ. ਡੀ. ਐੱਮਜ਼ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣਗੇ ਅਤੇ ਜੇਕਰ ਕੋਈ ਅਣਸੁਖਾਵੀਂ ਸਥਿਤੀ ਪੈਦਾ ਹੁੰਦੀ ਹੈ ਤਾਂ ਮੌਕੇ ਮੁਤਾਬਕ ਤੁਰੰਤ ਕਾਰਵਾਈ ਯਕੀਨੀ ਬਣਾਉਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।ਉਹਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ ਲਈ ਲੋਕ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨਾਲ ਫੋਨ ਨੰਬਰ 01852-224107 ‘ਤੇ ਸੰਪਰਕ ਕਰ ਸਕਦੇ ਹਨ।