ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਫੈਕਟ ਸਮਾਚਾਰ ਸੇਵਾ

ਫਤਹਿਗੜ੍ਹ ਸਾਹਿਬ, ਦਸੰਬਰ 27

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ।

ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰਾਂ ਵੱਲੋਂ ਵੀ ਵੀਰ ਬਾਲ ਦਿਵਸ ਦਾ ਨਾਂ ਬਦਲ ਕੇ ਸਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਕਰਨ ਦੀ ਲੋੜ ਉੱਤੇ ਪਹਿਲਾਂ ਹੀ ਸਪਸ਼ਟ ਤੌਰ ’ਤੇ ਜ਼ੋਰ ਦਿੱਤਾ ਜਾ ਚੁੱਕਾ ਹੈ, ਤਾਂ ਜੋ ਦੇਸ਼ ਵਿਦੇਸ਼ ਵਸਦੇ ਸਿੱਖ ਭਾਈਚਾਰੇ ਦੀਆਂ ਸਮੂਹਿਕ ਭਾਵਨਾਵਾਂ ਅਤੇ ਧਾਰਮਿਕ ਸੰਵੇਦਨਸ਼ੀਲਤਾ ਦਾ ਪੂਰਾ ਆਦਰ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਨਿੱਕੀ ਉਮਰ ਵਿੱਚ ਛੋਟੇ ਸਾਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਸ਼ਹਾਦਤ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਅਟੁੱਟ ਸਰੋਤ ਹੈ ਅਤੇ ਇਹ ਅਨਿਆਂ ਅਤੇ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹੇ ਰਹਿਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਬਲਿਦਾਨ ਗਾਥਾ ਸਦੀਵਕਾਲੀ ਦੇਸ਼ ਦੀ ਸਾਂਝੀ ਚੇਤਨਾ ਵਿੱਚ ਅੰਕਿਤ ਰਹੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਫਤਹਿਗੜ੍ਹ ਸਾਹਿਬ, ਸਿੱਖ ਇਤਿਹਾਸ ਦਾ ਇਕ ਪਵਿੱਤਰ ਸਥਾਨ ਹੋਣ ਦੇ ਨਾਤੇ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵੱਲੋਂ ਦਿੱਤੀਆਂ ਗਈਆਂ ਅਤੁੱਲ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀ ਧਾਰਮਿਕਤਾ, ਬਹਾਦਰੀ ਅਤੇ ਨਿਸ਼ਕਾਮਤਾ ਦੀ ਵਿਰਾਸਤ ਅੱਜ ਵੀ ਪੀੜ੍ਹੀ ਦਰ ਪੀੜ੍ਹੀ ਰਾਹ ਦਰਸਾਉਂਦੀ ਹੈ।

ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ ਅਤੇ ਦਵਿੰਦਰਜੀਤ ਸਿੰਘ ਲਾਡੀ ਢੋਸ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

View in English