ਰਾਜਪੁਰਾ ਸਿਵਲ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਸੈਂਟਰ ਦਾ ਉਦਘਾਟਨ

ਫੈਕਟ ਸਮਾਚਾਰ ਸੇਵਾ

ਰਾਜਪੁਰਾ , ਜਨਵਰੀ 25

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਿਹਤ ਕਾਰਡ ਬਣਾਉਣ ਵਾਲੇ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਸਿਹਤ ਮੰਤਰੀ ਨੇ ਸਪਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਸ ਕਾਰਡ ਦੇ ਜ਼ਰੀਏ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ ’ਤੇ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ। ਗੰਭੀਰ ਬਿਮਾਰੀਆਂ ਦੇ ਇਲਾਜ ’ਤੇ ਆਉਣ ਵਾਲੇ ਵੱਡੇ ਖਰਚ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਕੋਈ ਵੀ ਵਿਅਕਤੀ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ।

ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਹੀ ਸੌਖੀ ਅਤੇ ਪਾਰਦਰਸ਼ੀ ਹੈ। ਲੋੜੀਂਦੇ ਦਸਤਾਵੇਜ਼ਾਂ ਨਾਲ ਨਿਰਧਾਰਤ ਸੈਂਟਰ ’ਤੇ ਪਹੁੰਚ ਕੇ ਕੁਝ ਹੀ ਸਮੇਂ ਵਿੱਚ ਕਾਰਡ ਤਿਆਰ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ, ਜੋ ਇਸ ਯੋਜਨਾ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਮੁਫ਼ਤ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਓਹਨਾ ਦੇ ਨਾਲ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।

Leave a Reply

Your email address will not be published. Required fields are marked *

View in English