ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਸਤੇ ਅਪਾਇੰਟਮੈਂਟ ਸਲਿੱਪਾਂ ਵੰਡੀਆਂ

ਫੈਕਟ ਸਮਾਚਾਰ ਸੇਵਾ

ਤਰਨ ਤਾਰਨ, ਜਨਵਰੀ 30

ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਜਾਰੀ ਹੈ। ਕੈਬਨਿਟ ਮੰਤਰੀ ਵੱਲੋਂ ਬੀਤੀ ਸ਼ਾਮ ਪੱਟੀ ਸ਼ਹਿਰ ਦੇ ਵਾਰਡ ਨੰਬਰ 8 ਅਤੇ ਹਲਕੇ ਦੇ ਪਿੰਡਾਂ ਸਭਰਾ, ਸਖੀਰਾ ਵਿਖੇ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਸਤੇ ਅਪਾਇੰਟਮੈਂਟ ਸਲਿੱਪਾਂ ਵੰਡੀਆਂ।

ਇਸ ਮੌਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਲਾਲਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਵੇਗਾ।

Leave a Reply

Your email address will not be published. Required fields are marked *

View in English