ਪੰਜਾਬ

ਡੇਂਗੂ ਦੀ ਰੋਕਥਾਮ ਲਈ ਨਗਰ ਨਿਗਮ ਬਟਾਲਾ ਨੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਫੈਕਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 6

ਡੇਂਗੂ ਦੀ ਰੋਕਥਾਮ ਲਈ ਨਗਰ ਨਿਗਮ ਬਟਾਲਾ ਵੱਲੋਂ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਮੇਅਰ ਸੁਖਦੀਪ ਸਿੰਘ ਤੇਜਾ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਪੂਰੇ ਬਟਾਲਾ ਸ਼ਹਿਰ ਵਿੱਚ ਮੱਛਰਾਂ ਦੇ ਖਾਤਮੇ ਲਈ ਵਿਸ਼ੇਸ਼ ਫਾਗਿੰਗ ਸ਼ੁਰੂ ਕੀਤੀ ਗਈ ਹੈ।

ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨਿਰਮਲ ਸਿੰਘ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰ ਵਾਸੀਆਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸਾਰੇ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਤੇ ਕਲੋਨੀਆਂ ਵਿੱਚ ਫਾਗਿੰਗ ਕੀਤੀ ਜਾ ਰਹੀ ਹੈ ਤਾਂ ਜੋ ਡੇਂਗੂ ਅਤੇ ਮਲੇਰੀਏ ਦੇ ਮੱਛਰਾਂ ਦਾ ਖਾਤਮਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਨਿਗਮ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਣ ਸਬੰਧੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਘਰ ਦੇ ਕੂਲਰਾਂ, ਫਰਿਜਾਂ, ਗਮਲਿਆਂ ਜਾਂ ਛੱਤ ਆਦਿ ’ਤੇ ਪਏ ਟਾਇਰਾਂ ਜਾ ਕਬਾੜ ਦੇ ਸਮਾਨ ਵਿੱਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ, ਕਿਉਂਕਿ ਇਸ ਪਾਣੀ ਵਿੱਚ ਹੀ ਡੇਂਗੂ ਦਾ ਮੱਛਰ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਸ਼ੁਕਰਵਾਰ ਡਰਾਈ ਡੇਅ ਮਨਾਇਆ ਜਾਵੇ।

ਸੁਪਰਡੈਂਟ ਨਿਰਮਲ ਸਿੰਘ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸਫਾਈ ਦੀ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮੀ ਆਪਣੀਆਂ ਬੀਟਾਂ ਦੀ ਰੋਜ਼ਾਨਾਂ ਸਫ਼ਾਈ ਕਰ ਰਹੇ ਹਨ ਅਤੇ ਘਰ-ਘਰ ਜਾ ਕੇ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀਆਂ ਨੂੰ ਵੀ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਦਾ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਨਗਰ ਨਿਗਮ ਨਾਲ ਸਬੰਧਤ ਕਿਸੇ ਵੀ ਮਸਲੇ ਲਈ ਦਫ਼ਤਰ ਸੰਪਰਕ ਕਰ ਸਕਦੇ ਹਨ।

More from this section