ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਮਾਰਚ 30
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇੱਕ ਆਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਨਸ਼ਿਆਂ ਦੇ ਖਿਲਾਫ ਵਿਆਪਕ ਪੱਧਰ ਉਤੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਿੱਧੀ ਸਰਪ੍ਰਸਤੀ ਹੋਣ ਕਾਰਨ ਨਸ਼ਿਆਂ ਦੀ ਸਮੱਸਿਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਜੰਗ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੈ। ਸੀਐਮ ਮਾਨ ਨੇ ਲੋਕਾਂ ਨੂੰ ਆਪਣੇ ਖੇਤਰ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ ‘ਤੇ ਸਾਂਝੀ ਕਰਨ ਲਈ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਫ਼ੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਆਰ-ਪਾਰ ਦੀ ਲੜਾਈ ਵਿੱਚ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ, ਜਿਸ ਕਰਕੇ ਲੋਕਾਂ ਨੂੰ ਇਸ ਦਾ ਵੱਡੇ ਪੱਧਰ ‘ਤੇ ਸਮਰਥਨ ਕਰਨਾ ਚਾਹੀਦਾ ਹੈ। ਮਾਨ ਨੇ ਲੋਕਾਂ ਨੂੰ ਆਪਣੇ ਫ਼ੋਨ ਰਾਹੀਂ ਹੈਲਪਲਾਈਨ ਨੰਬਰ ‘ਤੇ ਨਸ਼ਾ ਤਸਕਰੀ ਨਾਲ ਸਬੰਧਤ ਸੂਚਨਾ ਦੇ ਕੇ ਇਸ ਮੁਹਿੰਮ ਦਾ ਅਨਿੱਖੜਵਾਂ ਹਿੱਸਾ ਬਣਨ ਦੀ ਅਪੀਲ ਕੀਤੀ।