ਦੇਸ਼-ਦੁਨੀਆ

ਦਿੱਲੀ ਵਿਧਾਨ ਸਭਾ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮਤਾ ਕੀਤਾ ਪਾਸ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ ਜੁਲਾਈ 31
ਦਿੱਲੀ ਵਿਧਾਨ ਸਭਾ ਨੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ ਵਿਵਾਦਿਤ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਇਕ ਮਤਾ ਪਾਸ ਕੀਤਾ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦਾ ਸੁਝਾਅ ਦਿੱਤਾ। ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਨੇ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਦਾ ਟੀਚਾ ਕਿਸਾਨਾਂ ਨੂੰ ਨਹੀਂ ਸਗੋਂ ਵੱਡੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣਾ ਹੈ। ਜੈਨ ਨੇ ਕਿਹਾ,”ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਇਕ ਜੁਮਲਾ ਹੈ। ਇਹ ਖੇਤੀ ਕਾਨੂੰਨ ਕੁਝ ਵੱਡੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਪਾਸ ਕੀਤੇ ਗਏ ਹਨ ਅਤੇ ਕਿਸਾਨ ਮਾਲਕ ਤੋਂ ਮਜ਼ਦੂਰ ‘ਚ ਬਦਲ ਜਾਣਗੇ। ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਸ਼ਰਤ ਦੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ।” ਦਿੱਲੀ ਦੀ ਸਰਹੱਦ ‘ਤੇ ਪਿਛਲੇ ਸਾਲ ਨਵੰਬਰ ਤੋਂ ਹੀ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ‘ਚੋਂ ਜ਼ਿਆਦਾਤਰ ਕਿਸਾਨ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਹਨ। ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਰਨੈਲ ਸਿੰਘ ਨੇ ਇਸ ਵਿਵਾਦਿਤ ਕਾਨੂੰਨ ‘ਤੇ ਚਰਚਾ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਦੀ ਸਰਹੱਦ ‘ਤੇ ਬੈਠੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਰੀਬ 600 ਕਿਸਾਨਾਂ ਦੀ ਮੌਤ ਹੋ ਚੁਕੀ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ‘ਤੇ ਕੁਝ ਨਹੀਂ ਬੋਲਿਆ, ਜਦੋਂ ਕਿ ਉਹ ਛੋਟੇ-ਛੋਟੇ ਮੁੱਦਿਆਂ ‘ਤੇ ਵੀ ਬੋਲਦੇ ਹਨ। ਇਸ ਬਹਿਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਦਿੱਲੀ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਥੂੜੀ ਨੇ ਕਿਹਾ ਕਿ ਖੇਤੀ ਕਾਨੂੰਨ ਨਾਲ ਫ਼ਸਲ ਉਤਪਾਦਨ ਵਧੇਗਾ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ।

More from this section