ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਪ੍ਰੈਲ 19
ਦਿੱਲੀ ਸਮੇਤ ਉੱਤਰੀ ਭਾਰਤ ‘ਚ ਅੱਜ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਦਾ ਅਸਰ 19 ਅਤੇ 20 ਅਪ੍ਰੈਲ ਨੂੰ ਦੇਖਣ ਨੂੰ ਮਿਲੇਗਾ। ਇਨ੍ਹਾਂ ਦੋ ਦਿਨਾਂ ਵਿੱਚ ਵਿਭਾਗ ਨੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।
ਅੱਜ ਅਸਮਾਨ ‘ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਤਾਪਮਾਨ ਵੀ 38 ਡਿਗਰੀ ਤੱਕ ਪਹੁੰਚ ਜਾਵੇਗਾ। ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਅਤੇ ਫਿਰ ਦੋ ਤੋਂ ਤਿੰਨ ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ।
ਉੱਥੇ ਹੀ ਮੰਗਲਵਾਰ ਨੂੰ ਦਿੱਲੀ ਦੇ ਸਪੋਰਟਸ ਕੰਪਲੈਕਸ ‘ਚ ਸਭ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਹਿੱਸੇ ਵਿੱਚ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਮੰਗਲਵਾਰ ਸ਼ਾਮ ਤੋਂ ਮੌਸਮ ‘ਚ ਬਦਲਾਅ ਦੀ ਭਵਿੱਖਬਾਣੀ ਕੀਤੀ ਸੀ।