ਹਰਿਆਣਾ

ਪ੍ਰਸ਼ਾਸਨ ਨਾਲ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਵੱਲੋਂ ਸਕੱਤਰੇਤ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਕਰਨਾਲ, ਸਤੰਬਰ 8

ਕਰਨਾਲ ’ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਰਨਾਲ ਅਨਾਜ ਮੰਡੀ ਵਿੱਚ ਕਿਸਾਨ ਜਥੇਬੰਦੀਆਂ ਨੇ ਕਿਸਾਨ ਮਹਾਪੰਚਾਇਤ ਕੀਤੀ ਜਿਸ ’ਚ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਕਿਸਾਨਾਂ ਦੇ ਵਫ਼ਦ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਤਿੰਨ ਗੇੜ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਕਰਨਾਲ ਸਕੱਤਰੇਤ ਵੱਲ ਕੂਚ ਕੀਤਾ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਅੱਗੇ ਵਧਦੇ ਗਏ। ਜਿਨ੍ਹਾਂ ਨੇ ਸਕੱਤਰੇਤ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀ ਕਿਸਾਨ ‘ਕਿਸਾਨਾਂ ਦੇ ਸਿਰ ਭੰਨ ਦਿਓ’ ਦਾ ਆਦੇਸ਼ ਦੇਣ ਵਾਲੇ ਐੱਸਡੀਐੱਮ ਅਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਰਹੇ। ਹਰਿਆਣਾ ਸਰਕਾਰ ਕਿਸਾਨਾਂ ਦੀ ਮੰਗ ਮੰਨਣ ਲਈ ਤਿਆਰ ਨਹੀਂ ਹੈ ਜਿਸ ਕਾਰਨ ਕਿਸਾਨਾਂ ਨੇ ਕਰਨਾਲ ਸਕੱਤਰੇਤ ਦਾ ਘਿਰਾਓ ਕਰਦਿਆਂ ‘ਮਰ ਜਾਵਾਂਗੇ ਪਰ ਅੰਦੋਲਨ ਨੂੰ ਸ਼ਾਂਤਮਈ ਜਾਰੀ ਰੱਖਾਂਗੇ’ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਅਲਟੀਮੇਟਮ ਤਹਿਤ ਕਿਸਾਨ ਕੱਲ੍ਹ ਸਵੇਰ ਤੋਂ ਹੀ ਕਰਨਾਲ ਦੀ ਅਨਾਜ ਮੰਡੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਸਨ। ਇਨ੍ਹਾਂ ਨੂੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਕਰਨਾਲ ਵਿੱਚ ਧਾਰਾ 144 ਲਾਗੂ ਕਰ ਦਿੱਤੀ ਅਤੇ ਕਰਨਾਲ, ਕੁਰੂਕਸ਼ੇਤਰ, ਜੀਂਦ, ਪਾਣੀਪਤ ਅਤੇ ਸੋਨੀਪਤ ’ਚ ਇੰਟਰਨੈੱਟ ਅਤੇ ਐੱਸਐੱਮਐੱਸ ਸਰਵਿਸ ਬੰਦ ਕਰ ਦਿੱਤੀ। ਨੈਸ਼ਨਲ ਹਾਈਵੇਅ ਤੱਕ ਦੇ ਰਾਹ ਬਦਲ ਦਿੱਤੇ ਗਏ ਪਰ ਕਿਸਾਨ ਆਪਣੀਆਂ ਮੰਗਾਂ ਲਈ ਅੱਗੇ ਵਧਦੇ ਗਏ। ਇਸ ਦੌਰਾਨ ਕਰਨਾਲ ਪ੍ਰਸ਼ਾਸਨ ਦੇ ਸੱਦੇ ’ਤੇ ਸੰਯੁਕਤ ਕਿਸਾਨ ਮੋਰਚਾ ਦਾ 11 ਮੈਂਬਰੀ ਵਫਦ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਿਆ ਜਿਸ ਵਿੱਚ ਰਾਕੇਸ਼ ਟਿਕੈਤ, ਯੋਗੇਂਦਰ ਯਾਦਵ, ਗੁਰਨਾਮ ਸਿੰਘ ਚੜੂਨੀ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਜੋਗਿੰਦਰ ਸਿੰਘ ਉਗਰਾਹਾਂ, ਜਗਜੀਤ ਸਿੰਘ ਡੱਲੇਵਾਲ, ਰਾਮਪਾਲ ਚਹਿਲ, ਵਿਕਾਸ ਸਿਸਰ ਤੇ ਇੰਦਰਜੀਤ ਸਿੰਘ ਸ਼ਾਮਲ ਸਨ।ਇਸ ਵਫ਼ਦ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਤਿੰਨ ਦੌਰ ਦੀ ਮੀਟਿੰਗ ਹੋਈ। ਕਿਸਾਨ ਜਥੇਬੰਦੀਆਂ ਦੀ ਮੰਗ ਸੀ ਕਿ ਐੱਸਡੀਐੱਮ ਆਯੂਸ਼ ਸਿਨਹਾ ਨੂੰ ਬਰਖਾਸਤ ਕੀਤਾ ਜਾਵੇ ਅਤੇ ਉਸਦੇ ਨਾਲ ਹੋਰਨਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਹਰਿਆਣਾ ਸਰਕਾਰ ਜਾਂਚ ਲਈ ਤਿਆਰ ਹੋ ਗਈ ਪਰ ਕੇਸ ਦਰਜ ਕਰਨ ਲਈ ਨਹੀਂ ਮੰਨੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦੱਸਿਆ ਕਿ ਹਰਿਆਣਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਕੇਸ ਦਰਜ ਕਰਨ ਦੀ ਥਾਂ ਜਾਂਚ ਤੋਂ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਇਸ ਨੂੰ ਕਿਸਾਨ ਜਥੇਬੰਦੀਆਂ ਨੇ ਨਕਾਰ ਦਿੱਤਾ। ਸੂਬਾ ਸਰਕਾਰ ਦੇ ਅੜੀਅਲ ਵਤੀਰੇ ਤੋਂ ਨਾਰਾਜ਼ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੁੜ ਅਨਾਜ ਮੰਡੀ ਵਿੱਚ ਪਹੁੰਚ ਕੇ ਸਕੱਤਰੇਤ ਦਾ ਘਿਰਾਓ ਕਰਨ ਲਈ ਅੱਗੇ ਵਧੇ। ਕਿਸਾਨਾਂ ਨੂੰ ਰੋਕਣ ਲਈ ਕਈ ਥਾਵਾਂ ’ਤੇ ਬੈਰੀਕੇਡ ਲਗਾਏ ਗਏ ਸਨ ਪਰ ਕਿਸਾਨ ਜਥੇਬੰਦੀਆਂ ਸ਼ਾਂਤਮਈ ਢੰਗ ਨਾਲ ਬੈਰੀਕੇਡ ਤੋੜਦੇ ਹੋਏ ਅੱਗੇ ਵਧੀਆਂ।

ਕਰਨਾਲ ਸਕੱਤਰੇਤ ਤੋਂ ਕੁਝ ਦੂਰੀ ’ਤੇ ਹਰਿਆਣਾ ਪੁਲੀਸ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ। ਯੋਗੇਂਦਰ ਯਾਦਵ, ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ ਸਣੇ ਕਈ ਆਗੂਆਂ ਨੂੰ ਬੱਸਾਂ ਵਿੱਚ ਬਿਠਾ ਲਿਆ ਗਿਆ। ਇਨ੍ਹਾਂ ਨੂੰ ਕੁਝ ਸਮੇਂ ਬਾਅਦ ਛੱੱਡ ਦਿੱਤਾ ਗਿਆ। ਉਸ ਤੋਂ ਬਾਅਦ ਕਿਸਾਨ ਆਗੂ ਅੱਗੇ ਵਧਦੇ ਗਏ। ਪੁਲੀਸ ਨੇ ਮੁੜ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਜਥੇਬੰਦੀਆਂ ਅੱਗੇ ਵਧਦੀਆਂ ਗਈਆਂ ਜਿਨ੍ਹਾਂ ਨੇ ਸਕੱਤਰੇਤ ਦਾ ਘਿਰਾਓ ਕੀਤਾ। ਕਿਸਾਨ ਆਗੂਆਂ ਨੇ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਗਾ ਦਿੱਤਾ ਹੈ, ਜਿੱਥੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।