ਪੰਜਾਬ

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ
ਮੋਗਾ,ਜੁਲਾਈ 26
ਬੀਤੇ ਦਿਨੀਂ ਮੋਗਾ – ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਕੁਲਬੀਰ ਸਿੰਘ ਜ਼ੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ  ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੈ ਸਾਥੀ, ਡਿਪਟੀ ਕਮਿਸ਼ਨਰ  ਸੰਦੀਪ ਹੰਸ, ਹਰਕੇਸ਼ ਚੰਦ ਸ਼ਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸ਼ਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜ਼ਖਮੀਆਂ ਨੂੰ 50-50 ਹਜ਼ਾਰ ਅਤੇ ਮੁਫ਼ਤ ਇਲਾਜ ਕਰਾਇਆ ਜਾਵੇਗਾ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।