ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਅਧਿਕਾਰੀਆਂ ਤੋਂ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਦੀ ਸੂਚੀ ਮੰਗੀ

ਫ਼ੈਕ੍ਟ ਸਮਾਚਾਰ ਸੇਵਾ ਮੋਗਾ, ਜੁਲਾਈ 14

ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਮੁਹੰਮਦ ਸਦੀਕ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਦਿਸ਼ਾ ਅਤੇ ਐੱਮ ਪੀ ਲੈਡ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ੍ਹ ਚੜਿੱਕ ਅਤੇ ਹੋਰ ਹਾਜ਼ਰ ਸਨ।

ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਮੁਹੰਮਦ ਸਦੀਕ ਨੇ ਦਿਸ਼ਾ ਅਤੇ ਐੱਮ ਪੀ ਲੈਡ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਮੀਟਿੰਗ ਦੌਰਾਨ ਲੋਕ ਹਿੱਤ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਣ ਦੀ ਹਦਾਇਤ ਕਰਦਿਆਂ ਮੁਹੰਮਦ ਸਦੀਕ ਨੇ ਕਿਹਾ ਕਿ ਉਹ ਖੁਦ ਇਹ ਚੈੱਕ ਕਰਨਗੇ ਕਿ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲ ਰਿਹਾ ਹੈ ਜਾਂ ਨਹੀਂ। ਲੋਕ ਸਭਾ ਮੈਂਬਰ ਨੇ ਅਧਿਕਾਰੀਆਂ ਤੋਂ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਦੀ ਸੂਚੀ ਮੰਗੀ ਤਾਂ ਜੋ ਜ਼ਮੀਨੀ ਹਕੀਕਤ ਤਾਂ ਪਤਾ ਲਗਾਇਆ ਜਾ ਸਕੇ। ਉਹਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਬਹੁਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਹੀ ਨਹੀਂ ਹੈ। ਉਹਨਾਂ ਕਿਹਾ ਕਿ ਲਾਭਪਾਤਰੀਆਂ ਦੀ ਚੋਣ ਕਰਨ ਵੇਲੇ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜਰੂਰ ਲੈਣਾ ਚਾਹੀਦਾ ਹੈ ਤਾਂ ਜ਼ੋ ਵੱਧ ਤੋਂ ਵੱਧ ਲਾਭਪਾਤਰੀਆਂ ਦੀ ਸ਼ਨਾਖ਼ਤ ਕੀਤੀ ਜਾ ਸਕੇ।

ਮੁਹੰਮਦ ਸਦੀਕ ਨੇ ਕਿਹਾ ਕਿ ਵਿਕਾਸ ਦੇ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨੇ ਚਾਹੀਦੇ ਹਨ। ਜੇਕਰ ਇਹਨਾਂ ਵਿੱਚ ਦੇਰੀ ਹੋ ਜਾਵੇ ਤਾਂ ਲਾਗਤ ਵਿੱਚ ਵੀ ਵਾਧਾ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਹਰੇਕ ਵਿਕਾਸ ਕੰਮ ਲਈ ਵਰਤਿਆ ਜਾਂਦਾ ਮਟੀਰੀਅਲ ਜਰੂਰ ਚੈੱਕ ਕੀਤਾ ਜਾਵੇ। ਉਹਨਾਂ ਕਿਹਾ ਕਿ ਐੱਮ ਪੀ ਲੈਡ ਫੰਡਾਂ ਨਾਲ ਵੱਖ ਵੱਖ ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਹ ਕੰਮ ਪੂਰੀ ਤਰ੍ਹਾਂ ਤਰਕਸੰਗਤ ਕੀਤਾ ਜਾਵੇ। ਦੱਸਿਆ ਗਿਆ ਕਿ ਜ਼ਿਲ੍ਹਾ ਮੋਗਾ ਵਿੱਚ ਲੱਗਣ ਵਾਲੀਆਂ 1000 ਲਾਈਟਾਂ ਵਿੱਚੋਂ 600 ਲਾਈਟਾਂ ਲੱਗ ਚੁੱਕੀਆਂ ਹਨ। ਰਹਿੰਦਾ ਕੰਮ ਵੀ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਕੁਝ ਅਧਿਕਾਰੀਆਂ ਦੀ ਗੈਰਹਾਜ਼ਰੀ ਦਾ ਸਖ਼ਤ ਨੋਟਿਸ ਲੈਂਦਿਆਂ ਉਹਨਾਂ ਹਦਾਇਤ ਕੀਤੀ ਕਿ ਭਵਿੱਖ ਵਿੱਚ ਸੱਦੇ ਹੋਏ ਸਾਰੇ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਹੋਣਾ ਯਕੀਨੀ ਬਣਾਉਣ।

ਇਸ ਮੀਟਿੰਗ ਦੀ ਕਰਵਾਈ ਚਲਾਉਂਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕ ਹਿਤ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਉਥੇ ਹੀ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਕਿੱਤੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬੱਚਿਆਂ ਦੀ ਸਹੂਲਤ ਲਈ ਜਲਦ ਹੀ ਆਈਲੈਟਸ ਕੋਚਿੰਗ ਸੈਂਟਰ ਅਤੇ ਡਰਾਈਵਿੰਗ ਟਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਦੋਵੇਂ ਕੰਮ ਨੋ ਪ੍ਰੋਫਿਟ ਨੋ ਲੋਸ ਦੇ ਅਧਾਰ ਉੱਤੇ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਲੋਕ ਸਭਾ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਮੋਗਾ ਵਿੱਚ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ।

More from this section