ਧਰਮ ਤੇ ਵਿਰਸਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕੱਤਰਤਾ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ, ਅਗਸਤ 11

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਸਥਾਪਨਾ ਤੋਂ ਹੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਅਤੇ ਵਿੱਦਿਆ ਦੇ ਪ੍ਰਚਾਰ ਪ੍ਰਸਾਰ ਲਈ ਕਾਰਜਸ਼ੀਲ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅਨੇਕਾਂ ਵਿਦਿਅਕ ਤੇ ਧਾਰਮਿਕ ਸਿਖਿਆ ਦੇ ਅਦਾਰਿਆਂ ਦੇ ਨਾਲ ਮੈਡੀਕਲ ਯੁਨੀਵਰਸਿਟੀ ਅਤੇ ਕਾਲਜ ਵੀ ਚਲਾਏ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਨੂੰ ਹੋਰ ਬੇਹਤਰ ਬਨਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਧਾਰਮਿਕ ਅਤੇ ਵਿੱਦਿਅਕ ਅਦਾਰਿਆਂ ਦੀ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿੱਚ ਹੋਈ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ, ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ, ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਤੇ ਪ੍ਰਚਾਰਕ ਸਿੰਘਾਂ ਨੇ ਹਾਜਰੀ ਭਰੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਧਰਮ ਦੇ ਪ੍ਰਸਾਰ ਦੇ ਨਾਲ-ਨਾਲ ਸਿਹਤ ਸੇਵਾਵਾਂ ਅਤੇ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਵੱਡੀਆਂ ਮੱਲਾਂ ਮਾਰੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਨੂੰ ਹੋਰ ਬੇਹਤਰ ਬਨਾਉਣ ਲਈ ਵਿਚਾਰਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਤੋਂ ਵਿੱਦਿਆ ਹਾਸਲ ਕਰਨ ਵਾਲੇ ਵਿਦਿਆਰਥੀ ਜੇਕਰ ਪ੍ਰਬੰਧ ਵਿਚਲੇ ਕਿਸੇ ਵੀ ਇੰਜਨੀਅਰਿੰਗ ਕਾਲਜ ਵਿੱਦਿਆ ਹਾਸਲ ਕਰਨਾ ਚਾਹੁੰਦਾ ਚਾਹੁੰਦੇ ਹਨ ਉਨ੍ਹਾਂ ਨੂੰ ਪੜ੍ਹਾਈ ਵਾਸਤੇ 30 ਹਜ਼ਾਰ ਰੁਪਏ ਫੀਸ ਵਿਚ ਛੋਟ ਦਿੱਤੀ ਜਾਵੇਗੀ।

ਉਨ੍ਹਾਂ ਸਾਰੇ ਸਕੂਲਾਂ ਨੂੰ ਕਿਹਾ ਕਿ ਰੋਜ਼ ਸਵੇਰ ਦੀ ਅਰਦਾਸ ਸ਼ਬਦ ਨਾਲ ਸ਼ੁਰੂ ਕੀਤੀ ਜਾਵੇ ਅਤੇ ਨਾਲ ਹੀ ਬੱਚਿਆਂ ਵਿੱਚ ਗੁਰਮਤਿ ਦ੍ਰਿੜ ਕਰਵਾਉਣ ਲਈ ਹਫ਼ਤੇ ਵਿੱਚ ਇੱਕ ਦਿਨ ਸਕੂਲਾਂ ਅਤੇ ਕਾਲਜਾਂ ਵਿੱਚ ਧਾਰਮਿਕ ਕਲਾਸ ਲਗਾਈ ਜਾਵੇ। ਜੇਕਰ ਵਿਦਿਅਕ ਅਦਾਰਿਆਂ ਪਾਸ ਧਾਰਮਿਕ ਅਧਿਆਪਕ ਨਾ ਹੋਵੇ ਤਾਂ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਦੀਆਂ ਸੇਵਾਵਾਂ ਲੈਣ ਲਈ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 300 ਦੇ ਕਰੀਬ ਨਵੇਂ ਭਰਤੀ ਅਧਿਆਪਕਾਂ ਅਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਅਧਿਆਪਕਾਂ ਦੀਆਂ ਪਿਛਲੀਆਂ ਤਨਖਾਹਾਂ ਲਈ 11 ਕਰੋੜ ਰੁਪਏ ਜਾਰੀ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ, ਅਜਮੇਰ ਸਿੰਘ ਖੇੜਾ, ਸਤਵਿੰਦਰ ਸਿੰਘ ਟੌਹੜਾ, ਅਮਰੀਕ ਸਿੰਘ ਸ਼ਾਹਪੁਰ, ਮੈਂਬਰ , ਗੁਰਚਰਨ ਸਿੰਘ ਗਰੇਵਾਲ, ਮਿੱਠੂ ਸਿੰਘ ਕਾਹਨੇਕੇ, ਚਰਨਜੀਤ ਸਿੰਘ ਆਲਮਗੀਰ, ਵਧੀਕ ਸਕੱਤਰ ਇੰਜ. ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਡਾਇਰੈਕਟਰ ਬੀਬੀ ਤਜਿੰਦਰ ਕੌਰ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਓ ਐਸ ਦੀ ਡਾ. ਸੁਖਬੀਰ ਸਿੰਘ ਸਮੇਤ ਅਹਿਮ ਸ਼ਖਸੀਅਤਾਂ ਹਾਜ਼ਰ ਸਨ।

More from this section