ਲੋਕਾਂ ਨੂੰ ਪਹੁੰਚਣ ਦਾ ਦਿੱਤਾ ਸੱਦਾ
ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜਨਵਰੀ 5
ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਪਾਰਟੀ ਦਾ ਨਾਂ ਅਕਾਲੀ ਦਲ (ਸ਼੍ਰੀ ਆਨੰਦਪੁਰ ਸਾਹਿਬ) ਰੱਖਣ ਜਾ ਰਹੇ ਹਨ। ਉਨ੍ਹਾਂ ਦੇ ਕਹਿਣ ‘ਤੇ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ।
ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ “ਮਾਘੀ ਦੇ ਮੇਲੇ” ਦੌਰਾਨ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤਰੀ ਪਾਰਟੀ ਦਾ ਨਾਂ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਹੋਵੇਗਾ। ਇਸ ਮੌਕੇ ਪੰਥ ਬਚਾਓ, ਪੰਜਾਬ ਬਚਾਓ ਰੈਲੀ ਕੀਤੀ ਗਈ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਰੈਲੀ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਉਨ੍ਹਾਂ ਦੇ ਕਰੀਬੀ ਪਾਰਟੀ ਦਾ ਐਲਾਨ ਕਰਨਗੇ।
ਖਾਲਿਸਤਾਨ ਦੇ ਸਮਰਥਨ ਵਿੱਚ ਬਿਆਨ ਦੇ ਕੇ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਇਸ ਕਦਮ ਨੇ ਖੇਤਰੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦੀ ਪਾਰਟੀ ਦੇ ਮੁੱਦੇ ਸੂਬੇ ਵਿੱਚ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਦੀਆਂ ਸਥਾਨਕ ਸਮੱਸਿਆਵਾਂ ਜਿਵੇਂ ਕਿ ਬੇਰੁਜ਼ਗਾਰੀ, ਖੇਤੀ ਸੰਕਟ ਅਤੇ ਵਾਤਾਵਰਨ ਦੀ ਸੁਰੱਖਿਆ ‘ਤੇ ਧਿਆਨ ਕੇਂਦਰਿਤ ਕਰਨਗੇ। ਇਸ ਦੇ ਨਾਲ ਹੀ ਉਹ ਨਸ਼ੇ ਦੇ ਖਿਲਾਫ ਵੀ ਆਵਾਜ਼ ਉਠਾਉਣਗੇ।
ਅਕਾਲੀ ਦਲ ਲਈ ਸੋਚਣ ਦਾ ਵੇਲਾ ਹੈ
ਇਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਚਿੰਤਾ ਦਾ ਪਲ ਹੈ, ਜੋ ਆਪਣੇ ਆਪ ਨੂੰ ਪੰਥ ਦੀ ਹਮਾਇਤੀ ਪਾਰਟੀ ਕਹਾਉਂਦਾ ਹੈ। ਅਕਾਲੀ ਦਲ (ਬਾਦਲ) ਕੋਲ ਸਿਰਫ਼ ਇੱਕ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਹੈ। ਜਦੋਂ ਕਿ ਨਵੀਂ ਐਲਾਨੀ ਪਾਰਟੀ ਵਿੱਚ ਦੋ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਹਨ।