ਪੰਜਾਬ

ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਜ਼ਖਮੀਆਂ ਦਾ ਹਾਲ ਜਾਨਣ ਮੋਗਾ ਪੁੱਜੇ

ਫ਼ੈਕ੍ਟ ਸਮਾਚਾਰ ਸੇਵਾ
ਮੋਗਾ, ਜੁਲਾਈ 24
ਅੱਜ ਸਵੇਰੇ ਮੋਗਾ – ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁੱਖਬਿੰਦਰ ਸਿੰਘ ਸਰਕਾਰੀਆ (ਤਿੰਨੋਂ ਕੈਬਨਿਟ ਮੰਤਰੀ), ਡਾਕਟਰ ਹਰਜੋਤ ਕਮਲ, ਕੁਲਬੀਰ ਸਿੰਘ ਜ਼ੀਰਾ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ (ਸਾਰੇ ਵਿਧਾਇਕ), ਸਾਬਕਾ ਮੰਤਰੀ  ਮਾਲਤੀ ਥਾਪਰ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਹਰਮਨ ਬੀਰ ਸਿੰਘ ਗਿੱਲ ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜ਼ਖਮੀਆਂ ਨੂੰ 50-50 ਹਜ਼ਾਰ ਅਤੇ ਮੁਫ਼ਤ ਇਲਾਜ ਕਰਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।