ਚੰਡੀਗੜ੍ਹ

ਚੰਡੀਗੜ੍ਹ ’ਚ ਵੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਤਿਆਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 13

ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਹੋਣ ਦੀ ਤਿਆਰੀ ਲਗਪਗ ਪੂਰੀ ਹੋ ਚੁੱਕੀ ਹੈ। ਇਸੇ ਸਬੰਧ ਵਿੱਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਇੱਕ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਮਾਮਲਿਆਂ ਬਾਰੇ ਇੰਚਾਰਜ ਅਤੇ ਸਾਬਕਾ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਦੀ ਰਿਹਾਇਸ਼ ਵਿਖੇ ਹੋਈ।

ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ, ਸੀਨੀਅਰ ਆਗੂ ਚਰਨਜੀਤ ਸਿੰਘ ਵਿੱਲੀ, ਬਹੁਜਨ ਸਮਾਜ ਪਾਰਟੀ ਦੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਬਸਪਾ ਚੰਡੀਗੜ੍ਹ ਦੇ ਪ੍ਰਧਾਨ ਗੁਰਚਰਨ ਸਿੰਘ ਕੰਬੋਜ ਤੇ ਸੁਖਦੇਵ ਸਿੰਘ ਸੋਨੂੰ ਵੀ ਸ਼ਾਮਲ ਹੋਏ। ਮੀਟਿੰਗ ਸਬੰਧੀ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਅਤੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਨੇ ਦੱਸਿਆ ਕਿ ਦੋਵੇਂ ਪਾਰਟੀਆਂ ਵਿਚਾਲੇ ਗੱਠਜੋੜ ਦੀ ਗੱਲਬਾਤ ਅਜੇ ਸ਼ੁਰੂ ਹੋਈ ਹੈ ਜਿਸ ਦੇ ਮੱਦੇਨਜ਼ਰ ਉਕਤ ਮੀਟਿੰਗ ਵਿੱਚ ਦੋਹਾਂ ਪਾਰਟੀਆਂ ਦੇ ਆਗੂਆਂ ਨੂੰ ਡਾ. ਚੀਮਾ ਵੱਲੋਂ ਸੱਦਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਆਉਂਦੀਆਂ ਨਗਰ ਨਿਗਮ ਚੋਣਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸਾਂਝੇ ਤੌਰ ’ਤੇ ਲੜੀਆਂ ਜਾਣਗੀਆਂ ਤਾਂ ਜੋ ਨਿਗਮ ’ਤੇ ਅਕਾਲੀ ਦਲ-ਬਸਪਾ ਦਾ ਪਰਚਮ ਲਹਿਰਾਇਆ ਜਾ ਸਕੇ।