ਪੰਜਾਬ

ਪਰਗਟ ਸਿੰਘ ਨੇ ਐਨ.ਸੀ.ਸੀ. ਕੈਡਿਟਾਂ ਨੂੰ ਸਮਾਜਿਕ ਬੁਰਾਈਆਂ ਖਿਲਾਫ਼ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ

ਫੈਕਟ ਸਮਾਚਾਰ ਸੇਵਾ ਜਲੰਧਰ, ਦਸੰਬਰ 5

ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ.) ਦੇ ਵਲੰਟੀਅਰਾਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਐਨ.ਸੀ.ਸੀ. ਦੇ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਐਨ.ਸੀ.ਸੀ. ਵੱਲੋਂ ਨੌਜਵਾਨਾਂ ਦੀ ਉਸਾਰੂ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਾਲੀ ਪ੍ਰਮੁੱਖ ਸੰਸਥਾ ਵਜੋਂ ਕੰਮ ਕੀਤਾ ਜਾ ਰਿਹਾ ਹੈ, ਇਸ ਲਈ ਇਸ ਦੇ ਕੈਡਿਟ ਨੌਜਵਾਨਾਂ ਨੂੰ ਕਈ ਸਮਾਜਿਕ ਬੁਰਾਈਆਂ ਖਿਲਾਫ਼ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦੌਰਾਨ ਐਨ.ਸੀ.ਸੀ. ਕੈਡਿਟ ਦੇਸ਼ ਭਗਤੀ, ਰਾਸ਼ਟਰਵਾਦ ਅਤੇ ਮਨੁੱਖਤਾ ਦੀ ਸੇਵਾ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਦੇ ਹਨ, ਜੋ ਇੱਕ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਪਰਗਟ ਸਿੰਘ ਨੇ ਕਿਹਾ ਕਿ ਐਨ.ਸੀ.ਸੀ. ਕੈਡਿਟਾਂ ਨੂੰ ਸਕੂਲਾਂ/ਕਾਲਜਾਂ ਵਿੱਚ ਆਪਣੇ ਸਾਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਲੜਾਈ ਲੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਭਰਪੂਰ ਯੋਗਦਾਨ ਪਾਉਣਾ ਚਾਹੀਦਾ ਹੈ।

ਗਰੁੱਪ ਕਮਾਂਡਰ ਬ੍ਰਿਗੇਡੀਅਰ ਆਈ.ਐਸ.ਭੱਲਾ, ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.) ਐਨ.ਸੀ.ਸੀ. ਜੇ.ਐਸ.ਸੰਧੂ, ਲਾਇਲਪੁਰ ਖ਼ਾਲਸਾ ਕਾਲਜ ਦੀ ਗਵਰਨਿੰਗ ਕੌਂਸਲ ਦੇ ਸਕੱਤਰ ਜਸਪਾਲ ਸਿੰਘ ਦੇ ਨਾਲ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਨਸ਼ਿਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਇਸ ਅਲਾਮਤ ਦੇ ਖਾਤਮੇ ਲਈ ਨੌਜਵਾਨਾਂ, ਖਾਸ ਤੌਰ ‘ਤੇ ਐਨ.ਸੀ.ਸੀ. ਕੈਡਿਟਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਚੁੱਕੀ ਹੈ ਪਰ ਸਮੇਂ ਦੀ ਲੋੜ ਹੈ ਕਿ ਨੌਜਵਾਨ ਇਸ ਦੀ ਮੰਗ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨ ਵਾਸਤੇ ਅੱਗੇ ਆਉਣ। ਪਰਗਟ ਸਿੰਘ ਨੇ ਕਿਹਾ ਕਿ ਇੱਥੇ ਐਨ.ਸੀ.ਸੀ. ਦੀ ਭੂਮਿਕਾ ਬਹੁਤ ਅਹਿਮ ਹੈ ਕਿਉਂਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਵਿੱਚ ਅਨੁਸ਼ਾਸਿਤ ਐਨ.ਸੀ.ਸੀ. ਕੈਡਿਟਾਂ ਦੀ ਵਿਸ਼ਾਲ ਸਮਰੱਥਾ ਨੂੰ ਵਰਤਣ ਦੀ ਵੱਡੀ ਗੁੰਜਾਇਸ਼ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਐਨ.ਸੀ.ਸੀ ਕੈਡਿਟ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਸਰਾਪ ਤੋਂ ਬਚਾਉਣ ਵਿੱਚ ਸਹਾਈ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਕੈਡਿਟਾਂ ਨੂੰ ਸਮੇਂ-ਸਮੇਂ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚਰਚਾ ਕਰਨੀ ਚਾਹੀਦੀ ਹੈ ਅਤੇ ਸਾਥੀਆਂ ਵਿੱਚ ਨਸ਼ਿਆਂ ਦੀ ਵਰਤੋਂ ਦੇ ਲੱਛਣਾਂ ਦੀ ਪਛਾਣ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਨਸ਼ਾ ਨਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਐਨ.ਸੀ.ਸੀ. ਕੈਡਿਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬੀਆਂ ਦੀ ਵਚਨਬੱਧਤਾ ਦਾ ਝੰਡਾਬਰਦਾਰ ਬਣਨਾ ਚਾਹੀਦਾ ਹੈ

 

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਐਨ.ਸੀ.ਸੀ. ਦਾ ਝੰਡਾ ਲਹਿਰਾਇਆ ਅਤੇ ਕੁਝ ਹੋਣਹਾਰ ਕੈਡਿਟਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਵੀ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਲਈ ਫੌਜ ਵੱਲੋਂ ਸਥਾਪਤ ਕੀਤੇ ਗਏ ਵੱਖ-ਵੱਖ ਪ੍ਰਦਰਸ਼ਨੀ ਕਾਊਂਟਰਾਂ ਦਾ ਦੌਰਾ ਵੀ ਕੀਤਾ।

Visit Facebook Page: https://www.facebook.com/factnewsnet See videos: https://www.youtube.com/c/TheFACTNews/videos