ਫੈਕਟ ਸਮਾਚਾਰ ਸੇਵਾ
ਮੋਗਾ, ਫਰਵਰੀ 26
ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਮੋਗਾ ਵੱਲੋਂ ਸੁੱਖ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਹਸਪਤਾਲ ਦੇ ਹਾਲਾਤ ਅਤੇ ਸਾਰਾ ਰਿਕਾਰਡ ਤਸੱਲੀਬਖ਼ਸ਼ ਪਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਨਸ਼ੇ ਨਾਲ ਸਬੰਧਤ ਹਰ ਤਰ੍ਹਾਂ ਦੀ ਗਤੀਵਿਧੀ ਨੂੰ ਮੁਕੰਮਲ ਤੌਰ ਉੱਤੇ ਰੋਕਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਬਹੁਤ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਨਸ਼ਾ ਛੁਡਾਊ ਕੇਂਦਰ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਅਜਿਹੀ ਕੋਈ ਵੀ ਦਵਾਈ ਦੀ ਵਿਕਰੀ ਨਾ ਕੀਤੀ ਜਾਵੇ ਜੋ ਕਿ ਸਰਕਾਰ ਵੱਲੋਂ ਪਾਬੰਦੀਸ਼ੁਦਾ ਹੈ।
ਉਹਨਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰ ਵਿੱਚ ਸਰਕਾਰੀ ਨਿਯਮਾਂ ਅਨੁਸਾਰ ਲੋੜੀਂਦਾ ਸਟਾਫ਼, ਦਵਾਈ ਅਤੇ ਹੋਰ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਸਾਰਾ ਰਿਕਾਰਡ ਮੇਨਟੇਨ ਕਰਕੇ ਰੱਖਿਆ ਜਾਵੇ। ਉਹਨਾਂ ਕਿਹਾ ਕਿ ਅਜਿਹੇ ਅਚਨਚੇਤ ਛਾਪੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਹਦਾਇਤਾਂ ਅਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਤੋਂ ਇਲਾਵਾ ਅੱਜ ਬਾਘਾਪੁਰਾਣਾ ਦੇ ਐੱਸ ਡੀ ਐੱਮ ਬੇਅੰਤ ਸਿੰਘ ਵੱਲੋਂ ਵੀ ਆਸ਼ੀਰਵਾਦ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਥੇ ਵੀ ਸਾਰਾ ਰਿਕਾਰਡ ਤਸੱਲੀਬਖ਼ਸ਼ ਪਾਇਆ ਗਿਆ।