ਦੇਸ਼ਧ੍ਰੋਹ ਦੇ ਮਾਮਲੇ ਵਿੱਚ ਕਿਸਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਦੂਜੇ ਗੇੜ ਦੀ ਮੀਟਿੰਗ ਬੇਸਿੱਟਾ

ਫ਼ੈਕ੍ਟ ਸਮਾਚਾਰ ਸੇਵਾ ਸਿਰਸਾ, ਜੁਲਾਈ 20

ਦੇਸ਼ਧ੍ਰੋਹ ਦੇ ਮਾਮਲੇ ਵਿੱਚ ਕਿਸਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਾਲੇ ਦੂਜੇ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹੀ। ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਵੱਲੋਂ ਕਿਸਾਨਾਂ ਦੀ ਰਿਹਾਈ ਦੀ ਮੰਗ ਲਈ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਡਾਕਟਰਾਂ ਵੱਲੋਂ ਬਲਦੇਵ ਸਿੰਘ ਸਿਰਸਾ ਦੇ ਸਿਹਤ ਦੀ ਜਾਂਚ ਕੀਤੀ ਗਈ। ਮਿੰਨੀ ਸਕੱਤਰੇਤ ਦੇ ਮੁੱਖ ਗੇਟ ’ਤੇ ਦਿੱਤੇ ਜਾ ਰਹੇ ਧਰਨੇ ਵਿੱਚ ਪਿੰਡਾਂ ਦੇ ਕਿਸਾਨਾਂ ਤੋਂ ਇਲਾਵਾ ਔਰਤਾਂ ਵੀ ਵੱਡੀ ਗਿਣਤੀ ’ਚ ਸ਼ਿਰਕਤ ਕਰ ਰਹੀਆਂ ਹਨ। ਧਰਨੇ ’ਚ ਔਰਤਾਂ ਵੱਲੋਂ ਸ਼ਿਰਕਤ ਕੀਤੇ ਜਾਣ ’ਤੇ ਕਿਸੇ ਵਿਅਕਤੀ ਵੱਲੋਂ ਔਰਤਾਂ ਬਾਰੇ ਕੀਤੀ ਗਈ ਕਥਿਤ ਅਸ਼ਲੀਲ ਟਿੱਪਣੀ ਕਾਰਨ ਕਿਸਾਨਾਂ ਵਿੱਚ ਭਾਰੀ ਰੋਹ ਹੈ। ਕਿਸਾਨਾਂ ਨੇ ਇਸ ਦੀ ਪੁਲੀਸ ਕੋਲ ਸ਼ਿਕਾਇਤ ਕਰਕੇ ਦੋਸ਼ੀ ਨੂੰ ਫੌਰੀ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਕਿਸਾਨਾਂ ’ਤੇ ਦੇਸ਼ਧ੍ਰੋਹ ਦੇ ਦਰਜ ਮੁਕਦਮੇ ਤੇ ਜੇਲ੍ਹ ਡੱਕੇ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਤੋਂ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਅੱਗੇ ਧਰਨਾ ਸ਼ੁਰੂ ਕੀਤਾ ਗਿਆ। ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਪਰ ਇਸ ਗੱਲਬਾਤ ਕਿਸੇ ਸਿਰੇ ਨਾ ਲੱਗੀ ਤਾਂ ਕਿਸਾਨਾਂ ਨੇ ਧਰਨਾ ਸ਼ੁਰੂ ਕਰ ਦਿੱਤਾ। ਅਗਲੇ ਦਿਨ ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਨੇ ਕਿਸਾਨਾਂ ਦੀ ਰਿਹਾਈ ਦੀ ਮੰਗ ਕਰਦਿਆਂ ਮਰਨ ਵਰਤ ਸ਼ੁਰੂ ਕਰ ਦਿੱਤਾ ਜਿਹੜਾ ਅੱਜ ਤੀਜੇ ਦਿਨ ’ਚ ਦਾਖ਼ਲ ਹੋ ਗਿਆ ਹੈ। ਡਾਕਟਰਾਂ ਵੱਲੋਂ ਬਲਦੇਵ ਸਿੰਘ ਸਿਰਸਾ ਦੀ ਸਮੇਂ ਸਮੇਂ ’ਤੇ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਬਲਦੇਵ ਸਿੰਘ ਸਿਰਸਾ ਦੇ ਟੈਸਟ ਜਿਥੇ ਠੀਕ ਆਏ ਹਨ ਉਥੇ ਹੀ ਉਨ੍ਹਾਂ ਦਾ ਭਾਰ ਘਟਣਾ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੇ ਦੱਸਿਆ ਹੈ ਕਿ ਕਿਸਾਨੀ ਧਰਨੇ ਵਿੱਚ ਸ਼ਿਰਕਤ ਕਰਨ ਵਾਲੀਆਂ ਔਰਤਾਂ ਬਾਰੇ ਕਿਸੇ ਵਿਅਕਤੀ ਨੇ ਸ਼ੋਸ਼ਲ ਮੀਡੀਆ ’ਤੇ ਅਸ਼ਲੀਲ ਗੱਲਾਂ ਲਿਖੀਆਂ ਹਨ, ਜਿਸ ਦੀ ਪੁਲੀਸ ਕੋਲ ਸ਼ਿਕਾਇਤ ਕਰ ਦਿੱਤੀ ਗਈ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਔਰਤਾਂ ਬਾਰੇ ਅਸ਼ਲੀਲ ਟਿਪਣੀ ਕਰਨ ਵਾਲੇ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਏ।

More from this section