ਧਰਮ ਤੇ ਵਿਰਸਾ

ਗੁਰਦੁਆਰਾ ਸਾਹਿਬ ‘ਚ ਗਲਤ ਕੰਮ ਕਰਨ ਵਾਲੇ ਸੇਵਾਦਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਬਰਖ਼ਾਸਤ

ਫ਼ੈਕ੍ਟ ਸਮਾਚਾਰ ਸੇਵਾ ਕੋਟਕਪੂਰਾ, ਜੂਨ 16

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅਧੀਨਗੀ ਵਾਲੇ ਇਤਿਹਾਸਿਕ ਗੁਰਦਵਾਰਾ ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਵਿਖੇ ਵਾਪਰੀ ਗਲਤ ਘਟਨਾ ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਕਤ ਘਟਨਾ ਨਾਲ ਸਬੰਧਤ ਮੈਨੇਜਰ ਕੁਲਵਿੰਦਰ ਸਿੰਘ, ਕਲਰਕ ਸੁਖਮੰਦਰ ਸਿੰਘ ਅਤੇ ਦੋ ਸੇਵਾਦਾਰਾਂ ਕ੍ਰਮਵਾਰ ਗੁਰਬਾਜ ਸਿੰਘ ਅਤੇ ਲਖਵੀਰ ਸਿੰਘ ਨੂੰ ਸੇਵਾ ਤੋਂ ਬਰਖ਼ਾਸਤ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਾਕੀ ਦੇ ਮੁਲਾਜ਼ਮਾਂ ਦੀ ਤੁਰੰਤ ਤਬਦੀਲੀ ਕਰ ਦਿੱਤੀ ਗਈ ਹੈ ਤੇ ਉਕਤ ਮੁਲਾਜ਼ਮਾਂ ਖ਼ਿਲਾਫ ਪੁਲਿਸ ਥਾਣੇ ‘ਚ ਪਰਚਾ ਵੀ ਦਰਜ ਕਰਵਾ ਦਿੱਤਾ ਗਿਆ ਹੈ ਪਰ ਸੰਗਤਾਂ ਦਾ ਗੁੱਸਾ ਅਜੇ ਵੀ ਬਰਕਰਾਰ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਗੁਰੂ ਜੀ ਦੀ ਚਰਨਛੋਹ ਪ੍ਰਾਪਤ ਗੁਰਦਵਾਰਾ ਸਾਹਿਬ ਅੰਦਰ ਅਨੈਤਿਕ ਕਾਰਵਾਈਆਂ ਬਰਦਾਸ਼ਤ ਤੋਂ ਬਾਹਰ ਹਨ। ਡਾਕਟਰ ਜਸਵਿੰਦਰ ਸਿੰਘ ਕਾਕਾ ਤੇ ਜਸਵੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਚਾਰ ਸਾਲ ਪਹਿਲਾਂ ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਕਲਰੱਕ ਸੁਖਮੰਦਰ ਸਿੰਘ ਨੂੰ ਗ਼ੈਰ ਔਰਤਾਂ ਗੁਰਦਵਾਰੇ ਦੀ ਸਰਾਂ ‘ਚ ਲਿਆਉਣ ਦਾ ਇਤਰਾਜ਼ ਕੀਤਾ ਸੀ ਤਾਂ ਉਸ ਸਮੇਂ ਦੇ ਸ਼ੋ੍ਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ ਨੇ ਸੁਖਮੰਦਰ ਸਿੰਘ ਦਾ ਪੱਖ ਕਰਦਿਆਂ ਉਸ ਖ਼ਿਲਾਫ ਕਾਰਵਾਈ ਨਾ ਹੋਣ ਦਿੱਤੀ। ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਲਖਵਿੰਦਰ ਸਿੰਘ ਲੱਖਾ ਤੇ ਜਸਵਿੰਦਰ ਸਿੰਘ ਗ੍ਰੰਥੀ ਸਮੇਤ ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ ਤੇ ਕੁਲਦੀਪ ਸਿੰਘ ਖਾਲਸਾ ਨੇ ਵੀ ਉਕਤ ਮੁਲਾਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਗੁਰਦਵਾਰਾ ਸਾਹਿਬ ਦੇ ਸੇਵਾਦਾਰ ਬਲਰਾਜ ਸਿੰਘ ਨੇ ਦੱਸਿਆ ਕਿ ਕਲਰਕ ਸੁਖਮੰਦਰ ਸਿੰਘ, ਸੇਵਾਦਾਰ ਗੁਰਬਾਜ ਸਿੰਘ ਵਾਸੀਆਨ ਪਿੰਡ ਕਰੀਰਵਾਲੀ ਅਤੇ ਸੇਵਾਦਾਰ ਲਖਵੀਰ ਸਿੰਘ ਵਾਸੀ ਜੈਤੋ ਗ਼ੈਰ ਔਰਤਾਂ ਲੈ ਕੇ ਆਏ ਤਾਂ ਉਸ ਨੇ ਵਿਰੋਧ ਕੀਤਾ। ਐੱਸਐੱਚਓ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ 295 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।