ਪੰਜਾਬ

ਵਿਧਾਇਕ ਫ਼ਤਹਿ ਬਾਜਵਾ, ਬਲਵਿੰਦਰ ਲਾਡੀ ਤੇ ਹੋਰ ਵਿਧਾਇਕਾਂ ਨੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕੀਤੀ

ਫੈਕਟ ਸਮਾਚਾਰ ਸੇਵਾ
ਬਟਾਲਾ, ਅਕਤੂਬਰ 12

ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਵਿਸ਼ੇਸ਼ ਮੀਟਿੰਗ ਕਰਕੇ ਆਪਣੇ ਹਲਕਿਆਂ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਸੀਨੀਅਰ ਆਗੂ ਹਰੀਸ਼ ਚੌਧਰੀ, ਨਵਤੇਜ ਸਿੰਘ ਚੀਮਾ ਵਿਧਾਇਕ ਸੁਲਤਾਨਪੁਰ ਲੋਧੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਅਮਿਤ ਵਿਜ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਲੋਕ ਪੱਖੀ ਫੈਸਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ 2 ਕਿਲੋਵਾਟ ਤੱਕ ਲੋਡ ਦੇ ਸਾਰੇ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ ਕਰਕੇ ਲੋੜਵੰਦ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਲਾਲ ਲਕੀਰ ਦੇ ਘੇਰੇ ਵਿੱਚ ਰਹਿੰਦੀ ਬਹੁਤ ਵੱਡੀ ਵਸੋਂ ਨੂੰ ਰਾਹਤ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਲੋਕ ਭਲਾਈ ਦੇ ਫੈਸਲੇ ਲਏ ਜਾ ਰਹੇ ਹਨ ਅਤੇ ਸੂਬੇ ਦੇ ਲੋਕ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਕਾਰਜ-ਪ੍ਰਣਾਲੀ ਤੋਂ ਸੰਤੁਸ਼ਟ ਹਨ।

ਹਲਕਾ ਕਾਦੀਆਂ ਦੇ ਵਿਕਾਸ ਦੀ ਗੱਲ ਕਰਦਿਆਂ ਵਿਧਾਇਕ ਸਰਦਾਰ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ, ਪਾਰਕਾਂ ਅਤੇ ਵਧੀਆ ਸੜਕਾਂ ਤੇ ਗਲੀਆਂ ਆਦਿ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਦੀਆਂ, ਧਾਰੀਵਾਲ ਅਤੇ ਕਾਹਨੂੰਵਾਨ ਕਸਬਿਆਂ ਦੇ ਵਿਕਾਸ ਲਈ ਵੀ ਉਨ੍ਹਾਂ ਵੱਲੋਂ ਪੂਰੇ ਯਤਨ ਕੀਤੇ ਗਏ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਹਲਕਾ ਕਾਦੀਆਂ ਦੇ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟ ਜਾਰੀ ਕੀਤੀ ਜਾਵੇ ਤਾਂ ਜੋ ਕੋਈ ਵੀ ਖਿੱਤਾ ਵਿਕਾਸ ਤੋਂ ਵਾਂਝਾ ਨਾ ਰਹੇ।

ਇਸੇ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੀ ਹਲਕਾ ਹਰਗੋਬਿੰਦਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਬਿਓਰਾ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਹਰਗੋਬਿੰਦਪੁਰ ਵਿੱਚ ਬੱਸ ਸਟੈਂਡ ਦਾ ਕੰਮ ਚੱਲ ਰਿਹਾ ਹੈ ਅਤੇ ਘੁਮਾਣ ਪਿੰਡ ਵਿੱਚ ਵੀ ਸੀਵਰੇਜ ਤੇ ਜਲ ਸਪਲਾਈ ਦਾ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਖੁਸ਼ ਹਨ ਅਤੇ ਇੱਕ ਵਾਰ ਫਿਰ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।