ਕੋਵਿਡ-19 ਪ੍ਰਭਾਵਿਤ ਬੱਚਿਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਦੇਣਾ ਬਣਾਇਆ ਜਾਵੇਗਾ ਯਕੀਨੀ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਅਗਸਤ 04
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਦੌਰਾਨ ਆਪਣੇ ਮਾਤਾ-ਪਿਤਾ ਜਾਂ ਦੋਵਾਂ ਵਿਚੋਂ ਕਿਸੇ ਇਕ ਨੂੰ ਖੋਹ ਦੇਣ ਵਾਲੇ ਬੱਚਿਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਹ ਅੱਜ ਕੋਵਿਡ-19 ਦੇ ਤਹਿਤ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਪ੍ਰਧਾਨਗੀ ਵਿੱਚ ਕਮੇਟੀ ਵਲੋਂ ਪ੍ਰਭਾਵਿਤ 29 ਬੱਚਿਆਂ ਨੂੰ ਪੈਨਸ਼ਨ ਦਾ ਲਾਭ ਦੇਣ ਸਬੰਧੀ ਮਨਜ਼ੂਰੀ ਦਿੱਤੀ ਗਈ। ਮੀਟਿੰਗ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਭਲਾਈ ਯੋਜਨਾਵਾਂ ਤਹਿਤ ਇਨ੍ਹਾਂ ਸਾਰੇ ਬੱਚਿਆਂ ਦੀ ਕਵਰੇਜ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਗ੍ਰੈਜੁਏਸ਼ਨ ਤੱਕ ਮੁਫ਼ਤ ਸਿੱਖਿਆ, ਸਮਾਰਟ ਰਾਸ਼ਨ ਕਾਰਡ ਤਹਿਤ ਲਾਭ, ਸਰਬੱਤ ਸਿਹਤ ਬੀਮਾ ਯੋਜਨਾ, ਇਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਰੋਜ਼ਗਾਰ ਸਬੰਧੀ, ਲੜਕੀਆਂ ਨੂੰ ਸ਼ਗਨ ਸਕੀਮ ਸਬੰਧੀ ਅਤੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ 1500 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਣੀ ਹੈ। ਡਿਪਟੀ ਕਮਿਸ਼ਨ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹੁਸ਼ਿਆਰਪੁਰ ਵਲੋਂ 29 ਬੱਚਿਆਂ ਨੂੰ ਆਸ਼ਰਿਤ ਪੈਨਸ਼ਨ ਅਤੇ 11 ਮਹਿਲਾਵਾਂ ਨੂੰ ਵਿਧਵਾ ਅਤੇ ਨਿਆਸ਼ਰਿਤ ਪੈਨਸ਼ਨ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਨ੍ਹਾਂ ਦੀ ਸਿੱਖਿਆ ਅਤੇ ਪੌਸ਼ਣ ਦਾ ਵੀ ਧਿਆਨ ਰੱਖਣਾ ਜ਼ਰੂਰੀ ਹੈ। ਹੁਣ ਤੱਕ ਸਿੱਖਿਆ ਵਿਭਾਗ ਵਲੋਂ 36 ਬੱਚਿਆਂ ਦੇ ਨਾਲ ਮੁਫ਼ਤ ਸਿੱਖਿਆ ਦੇਣ ਸਬੰਧੀ, ਜ਼ਿਲ੍ਹਾ ਨਿਆ ਅਤੇ ਅਧਿਕਾਰਤਾ ਅਫ਼ਸਰ ਵਲੋਂ 3 ਯੋਗ ਲੜਕੀਆਂ ਨੂੰ ਸ਼ਗਨ ਸਕੀਮ ਤਹਿਤ, ਸਿਹਤ ਵਿਭਾਗ ਵਲੋਂ 4 ਲਾਭਪਾਤਰੀਆਂ ਨੂੰ ਆਯੂਸ਼ਮਾਨ ਕਾਰਡ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵਲੋਂ 20 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਦੇ ਤਹਿਤ ਕਵਰ ਕੀਤਾ ਜਾ ਚੁੱਕਾ ਹੈ। ਇਸ ਮੌਕੇ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ, ਜ਼ਿਲ੍ਹਾ ਨਿਆ ਅਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

More from this section