ਫੈਕਟ ਸਮਾਚਾਰ ਸੇਵਾ
ਇਸਲਾਮਾਬਾਦ, ਫਰਵਰੀ 10
ਕ੍ਰਿਕਟ ਪ੍ਰੇਮੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਸਰਕਾਰ ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਵਿਰੁੱਧ ਹੋਣ ਵਾਲੇ ਮੈਚ ਦੇ ਬਾਈਕਾਟ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਹੁਣ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਹ ਰੋਮਾਂਚਕ ਮੁਕਾਬਲਾ ਆਪਣੀ ਨਿਰਧਾਰਤ ਮਿਤੀ ਅਨੁਸਾਰ 15 ਫਰਵਰੀ ਨੂੰ ਕੋਲੰਬੋ ਵਿੱਚ ਹੋਵੇਗਾ।
ਇਹ ਫੈਸਲਾ ਬੰਗਲਾਦੇਸ਼ ਅਤੇ ਸ੍ਰੀਲੰਕਾ ਦੀ ਅਪੀਲ ਅਤੇ ਸਿਆਸੀ ਦਖ਼ਲ ਤੋਂ ਬਾਅਦ ਲਿਆ ਗਿਆ ਹੈ। ਪਾਕਿਸਤਾਨ ਸਰਕਾਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਪਣੇ ਦੋਸਤ ਦੇਸ਼ਾਂ ਦੀ ਅਪੀਲ ਅਤੇ ਖੇਡ ਦੀ ਭਾਵਨਾ ਨੂੰ ਬਰਕਰਾਰ ਰੱਖਣ ਲਈ ਉਨ੍ਹਾਂ ਨੇ ਆਪਣੀ ਟੀਮ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀਲੰਕਾ ਦੇ ਰਾਸ਼ਟਰਪਤੀ ਅਤੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਮੁਖੀ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨਾਲ ਗੱਲਬਾਤ ਕਰਕੇ ਇਸ ਮਾਮਲੇ ਨੂੰ ਸੁਲਝਾਉਣ ਦੀ ਅਪੀਲ ਕੀਤੀ ਸੀ।
ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਭਾਰਤ ਵਿੱਚ ਟੀ-20 ਵਿਸ਼ਵ ਕੱਪ ਦੇ ਮੈਚ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਕਾਰਨ ਬੰਗਲਾਦੇਸ਼ ਨੂੰ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ ਗਿਆ ਅਤੇ ਉਸ ਦੀ ਥਾਂ ਸਕਾਟਲੈਂਡ ਨੂੰ ਸ਼ਾਮਲ ਕੀਤਾ ਗਿਆ। ਪਾਕਿਸਤਾਨ ਇਸ ਮੁੱਦੇ ’ਤੇ ਬੰਗਲਾਦੇਸ਼ ਦਾ ਸਮਰਥਨ ਕਰ ਰਿਹਾ ਸੀ। ਹਾਲਾਂਕਿ, ਆਈ.ਸੀ.ਸੀ. (ICC) ਨੇ ਹੁਣ ਸਪਸ਼ਟ ਕੀਤਾ ਹੈ ਕਿ ਬੰਗਲਾਦੇਸ਼ ’ਤੇ ਕੋਈ ਜੁਰਮਾਨਾ ਨਹੀਂ ਲਗਾਇਆ ਜਾਵੇਗਾ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਕਿਸੇ ਵੱਡੇ ਟੂਰਨਾਮੈਂਟ ਦੀ ਮੇਜ਼ਬਾਨੀ ਵੀ ਦਿੱਤੀ ਜਾ ਸਕਦੀ ਹੈ।
ਪਾਕਿਸਤਾਨ ਕ੍ਰਿਕਟ ਬੋਰਡ ਦੇ ਮੁਖੀ ਮੋਹਸਿਨ ਨਕਵੀ ਨੇ ਕਿਹਾ ਕਿ ਇਹ ਫੈਸਲਾ ਕਿਸੇ ਡਰ ਜਾਂ ਦਬਾਅ ਹੇਠ ਨਹੀਂ, ਸਗੋਂ ਖੇਡ ਭਾਵਨਾ ਦੇ ਹਿੱਤ ਵਿੱਚ ਲਿਆ ਗਿਆ ਹੈ। ਇਸ ਸਹਿਮਤੀ ਨਾਲ ਵਿਸ਼ਵ ਕੱਪ ’ਤੇ ਮੰਡਰਾ ਰਹੇ ਸੰਕਟ ਦੇ ਬੱਦਲ ਛੱਟ ਗਏ ਹਨ ਅਤੇ ਹੁਣ ਸਾਰੀਆਂ ਦੀਆਂ ਨਜ਼ਰਾਂ 15 ਫਰਵਰੀ ਨੂੰ ਹੋਣ ਵਾਲੇ ਇਸ ਵੱਡੇ ਮੁਕਾਬਲੇ ’ਤੇ ਟਿਕੀਆਂ ਹੋਈਆਂ ਹਨ।
ਇਸ ਤੋਂ ਪਹਿਲਾਂ ਪਾਕਿਸਤਾਨ ਕ੍ਰਿਕਟ ਬੋਰਡ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਬੰਗਲਾਦੇਸ਼ ਦੇ ਆਪਣੇ ਹਮਰੁਤਬਾ ਅਮੀਨੁਲ ਇਸਲਾਮ ਅਤੇ ਆਈ ਸੀ ਸੀ ਦੇ ਡਿਪਟੀ ਚੇਅਰਮੈਨ ਇਮਰਾਨ ਖਵਾਜਾ ਨਾਲ ਮੁਲਾਕਾਤ ਕੀਤੀ। ਖਵਾਜਾ ਨੂੰ ਆਈ ਸੀ ਸੀ ਨੇ ਇਸ ਵਿਵਾਦਤ ਵਿਸ਼ੇ ’ਤੇ ਸਾਲਸ ਵਜੋਂ ਨਾਮਜ਼ਦ ਕੀਤਾ ਸੀ ਅਤੇ ਉਹ (ਖਵਾਜਾ) ਪਿਛਲੇ ਕੁਝ ਸਮੇਂ ਤੋਂ ਮੋਹਸਿਨ ਨਕਵੀ ਨਾਲ ਗੱਲਬਾਤ ਕਰ ਰਹੇ ਸਨ। ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਚੇਅਰਮੈਨ ਅਮੀਨੁਲ ਪਹਿਲਾਂ ਤੋਂ ਹੀ ਲਾਹੌਰ ’ਚ ਸਨ ਅਤੇ ਉਨ੍ਹਾਂ ਨਕਵੀ ਨਾਲ ਮੁਲਾਕਾਤ ਕੀਤੀ।







