ਪੰਜਾਬ

ਰਾਜਪਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਫ਼ਾਜ਼ਿਲਕਾ ਵਿਖੇ ਸਰਹੱਦੀ ਜ਼ਿਲ੍ਹੇ ਦੇ ਅਹਿਮ ਮੁੱਦਿਆਂ ਦਾ ਲਿਆ ਜਾਇਜਾ

ਫੈਕਟ ਸਮਾਚਾਰ ਸੇਵਾ
ਫ਼ਾਜ਼ਿਲਕਾ , ਅਪ੍ਰੈਲ 9

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਸਰਹੱਦੀ ਜ਼ਿਲ੍ਹੇ ਫ਼ਾਜ਼ਿਲਕਾ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਅੱਜ ਫ਼ਾਜ਼ਿਲਕਾ ਵਿਖੇ ਕਈ ਮੀਟਿੰਗਾਂ ਕੀਤੀਆਂ।

ਇਸ ਮੀਟਿੰਗ ਵਿੱਚ ਬੀ.ਐਸ.ਐਫ., ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ, ਫੌਜ ਦੀ ਮਿਲਟਰੀ ਇੰਟੈਲੀਜੈਂਸ ਸਮੇਤ ਕੇਂਦਰ ਸਰਕਾਰ ਦੀਆਂ ਵਿਭਿੰਨ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ, ਮੁੱਖ ਸਕੱਤਰ, ਡੀ.ਜੀ.ਪੀ., ਡਿਪਟੀ ਕਮਿਸ਼ਨਰ, ਐਸ.ਐਸ.ਪੀ. ਫ਼ਾਜ਼ਿਲਕਾ ਹਾਜ਼ਰ ਸਨ।

ਇਸ ਮੀਟਿੰਗ ਵਿੱਚ ਸਰਹੱਦੀ ਜ਼ਿਲ੍ਹੇ ਨਾਲ ਸਬੰਧਤ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਤ ਕਰਨ ਵਾਲੇ ਪ੍ਰਮੁੱਖ ਮੁੱਦਿਆਂ ਨੂੰ ਉਠਾਇਆ ਗਿਆ ਅਤੇ ਸਾਰੀਆਂ ਏਜੰਸੀਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਰਾਜਪਾਲ ਅਤੇ ਮੁੱਖ ਮੰਤਰੀ ਦੋਵਾਂ ਨੇ ਸਰਪੰਚਾਂ ਅਤੇ ਜ਼ਿਲ੍ਹੇ ਦੇ ਹੋਰ ਪ੍ਰਮੁੱਖ ਨਾਗਰਿਕਾਂ ਨਾਲ ਇੱਕ ਮੀਟਿੰਗ ਨੂੰ ਸੰਬੋਧਨ ਕੀਤਾ, ਇਸ ਉਪਰੰਤ ਦੋਵਾਂ ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ।

ਰਾਜਪਾਲ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਸੀਮਾ ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨ’ ਬਣਨ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨਾਂ ਰਾਹੀਂ ਹਥਿਆਰ ਅਤੇ ਗੋਲਾ ਬਾਰੂਦ ਸੁੱਟਣ ਦੀਆਂ ਪਿਛਲੀਆਂ ਘਟਨਾਵਾਂ ਕਾਰਨ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਆਪਣੀ ਭੂਮਿਕਾ ਨਿਭਾਅ ਰਹੇ ਹਨ ਪਰ ਸਥਾਨਕ ਤੌਰ ‘ਤੇ ਉਪਲਬਧ ਖੁਫ਼ਿਆ ਜਾਣਕਾਰੀ ਅਤੇ ਸਹਿਯੋਗ ਸੂਬੇ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਆਮਦ ਨੂੰ ਰੋਕਣ ਵਿੱਚ ਸਹਾਈ ਸਿੱਧ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਬਹੁਤ ਸਾਰੇ ਮਾਮਲਿਆਂ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਭਾਰੀ ਮਾਤਰਾ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਤਸਕੱਰੀ ਲਈ ‘ਛੁਪਾਓ ਅਤੇ ਨਿਪਟਾਓ’ ਤਰੀਕੇ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵਿੱਚ ਸਰਹੱਦ ਪਾਰ ਤਸਕਰ ਡਰੋਨ ਵਰਗੀ ਉੱਚ ਤਕਨੀਕ ਦੀ ਵਰਤੋਂ ਕਰਕੇ ਖੇਪ ਨੂੰ ਭਾਰਤੀ ਖੇਤਰ ਵਿੱਚ ਸੁੱਟਦੇ ਹਨ ਜਿਸ ਨੂੰ ਬਾਅਦ ਵਿੱਚ ਉਨ੍ਹਾਂ ਦੇ ਭਾਰਤੀ ਸਹਿਯੋਗੀਆਂ ਰਾਹੀਂ ਪ੍ਰਾਪਤ ਕਰ ਲਿਆ ਜਾਂਦਾ ਹੈ। ਇਸ ਲਈ, ਇਹ ਉਚਿਤ ਹੈ ਕਿ ਪਿੰਡ ਵਾਸੀਆਂ ਨੂੰ ਪਿੰਡ ਵਿੱਚ ਆਉਣ ਵਾਲੇ ਸਾਰੇ ਨਵੇਂ ਲੋਕਾਂ ਦੇ ਪਿਛੋਕੜ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਦੇਸ਼ ਵਿਰੋਧੀ ਅਨਸਰਾਂ ਦੁਆਰਾ ਆਪਣੇ ਭੋਲੇਪਣ ਦੀ ਦੁਰਵਰਤੋਂ ਕਰਨ ਦੀ ਕਿਸੇ ਵੀ ਕੋਸ਼ਿਸ਼ ਤੋਂ ਸੁਚੇਤ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸੁਰੱਖਿਆ ਦਾ ਸੰਕਲਪ ਵਿਆਪਕ ਹੋਇਆ ਹੈ। ਸੂਬੇ ਦੀ ਖੇਤਰੀ ਅਖੰਡਤਾ ਅਤੇ ਪ੍ਰਭੂਸੱਤਾ ਲਈ ਰਵਾਇਤੀ ਖਤਰਿਆਂ ਦੇ ਨਾਲ-ਨਾਲ, ਇਸ ਦੀ ਸੁਰੱਖਿਆ ਵਿੱਚ ਹੁਣ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਪ੍ਰਵਾਸ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਆਦਿ ਦੇ ਰੂਪ ਵਿੱਚ ਗੈਰ-ਰਵਾਇਤੀ ਖਤਰੇ ਦੀ ਸੰਭਾਵਨਾ ਵੱਧ ਗਈ ਹੈ। ਇਨ੍ਹਾਂ ਵਿੱਚੋਂ ਛੋਟੇ ਹਥਿਆਰਾਂ ਦੀ ਵੱਧ ਰਹੀ ਤਸਕੱਰੀ ਅਤੇ ਦੁਰਵਰਤੋਂ ਇੱਕ ਵੱਡਾ ਸੁਰੱਖਿਆ ਖਤਰਾ ਹੈ।

ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਹਥਿਆਰਾਂ ਦੀ ਤਸਕਰੀ ਦੇ ਇਸ ਖਤਰੇ ਦਾ ਸ਼ਿਕਾਰ ਹਨ। ਇਸ ਲਈ, ਇਹ ਲਾਜ਼ਮੀ ਹੈ ਕਿ ਸੂਬੇ ਅਤੇ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਦੇ ਹਿੱਤ ਵਿੱਚ, ਲੋਕ ਸੀਮਾ ਸੁਰੱਖਿਆ ਬਲਾਂ ਅਤੇ ਸੂਬਾ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਅਤੇ ਆਪਣੇ ਖੇਤਰ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ। ਉਨ੍ਹਾਂ ਲੋਕਾਂ ਨੂੰ ਇਲਾਕੇ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਆਮਦ ਕਿਸੇ ਜੰਗ ਤੋਂ ਘੱਟ ਨਹੀਂ; ਇਹ ਪੰਜਾਬ ਦੇ ਲੋਕਾਂ ‘ਤੇ ਘਾਤਕ ਹਮਲਾ ਹੈ। ਇਸ ਨੂੰ ਇੱਕ ਅਪਰਾਧਿਕ ਗਤੀਵਿਧੀ ਵਜੋਂ ਦੇਖਿਆ ਜਾਂ ਖਾਰਜ ਵੀ ਕੀਤਾ ਜਾ ਸਕਦਾ ਹੈ ਪਰ ਨਸ਼ੀਲੇ ਪਦਾਰਥਾਂ ਨੂੰ ਭਾਰਤੀ ਖੇਤਰ ਵਿੱਚ ਸੁੱਟਣਾ ਗੁਪਤ, ਅਸਿੱਧੇ ਯੁੱਧ ਦੀ ਇੱਕ ਵਿਆਪਕ ਰਣਨੀਤੀ ਹੈ। ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ ਜਾਅਲੀ ਕਰੰਸੀ ਜਿਹੇ ਵਿੱਤੀ ਸਾਧਨ ਅਤੇ ਹਥਿਆਰਾਂ ਤੇ ਗੋਲਾ ਬਾਰੂਦ ਵਰਗੀਆਂ ਘਾਤਕ ਸਮੱਗਰੀਆਂ ਵਰਤਮਾਨ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਣ ਦੀ ਬਹੁਤ ਜ਼ਿਆਦਾ ਸੰਭਾਵਨਾ ਰੱਖਦੇ ਹਨ। ਇਹ ਅੱਡ-ਅੱਡ ਨਹੀਂ, ਪਰ ਇੱਕ ਵਿਨਾਸ਼ਕ ਏਕੀਕ੍ਰਿਤ, ਯੋਜਨਾਬੱਧ ਰਣਨੀਤੀ ਦੇ ਹਿੱਸੇ ਹਨ।

ਰਾਜਪਾਲ ਨੇ ਕਿਹਾ ਕਿ ਸਰਹੱਦਾਂ ਦੇ ਰਸਤੇ ਤੋਂ ਦੇਸ਼ ਵਿੱਚ ਦਾਖਲ ਹੋਣ ਵਾਲੇ ਨਸ਼ੀਲੇ ਪਦਾਰਥ ਸ਼ਹਿਰਾਂ, ਕਸਬਿਆਂ, ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚਦੇ ਹਨ। ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਸਾਡੀ ਪੀੜ੍ਹੀ ਅਤੇ ਸਾਡੇ ਭਵਿੱਖ ‘ਤੇ ਸਿੱਧਾ ਹਮਲਾ ਹੈ। ਅਸੀਂ ਇਸ ਖਤਰੇ ਨੂੰ ਸਾਡੇ ਸੂਬੇ ਦੇ ਵਰਤਮਾਨ ਨੂੰ ਨੁਕਸਾਨ ਪਹੁੰਚਾਉਣ ਜਾਂ ਭਵਿੱਖ ਨੂੰ ਖਰਾਬ ਕਰਨ ਨਹੀਂ ਦੇ ਸਕਦੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਹਰ ਤਰ੍ਹਾਂ ਦੀ ਘੁਸਪੈਠ ਵਿਰੁੱਧ ਹੱਥ ਮਿਲਾਉਣ ਅਤੇ ਆਪਣੀ ਸਰਹੱਦ ਨੂੰ ਸੀਲ ਕਰਨ ਦੀ ਲੋੜ ਹੈ। ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਹਰ ਪੱਧਰ ‘ਤੇ ਲੋਕਾਂ, ਸੂਬਾ ਸਰਕਾਰ ਦੀਆਂ ਏਜੰਸੀਆਂ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਠੋਸ ਅਤੇ ਨਿਰੰਤਰ ਸਹਿਯੋਗ ਨਾਲ ਹੀ ਯਕੀਨੀ ਬਣਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ “ਗੈਰ-ਕਾਨੂੰਨੀ ਆਮਦ ਨੂੰ ਇਕ ਦਮ ਠੱਲ੍ਹ ਪਾਉਣਾ ਸੰਭਵ ਨਹੀਂ ਹੈ; ਇਸ ਲਈ ਇੱਕ ਸਥਾਈ ਪ੍ਰਕਿਰਿਆ ਲੋੜੀਂਦੀ ਹੈ ਜਿਸ ਲਈ ਸਾਰਿਆਂ ਦੀ ਵਚਨਬੱਧਤਾ ਦੀ ਲੋੜ ਹੈ।’’ ਰਾਜਪਾਲ ਦੇ ਭਾਸ਼ਣ ਵਿੱਚ ਇਸ ਤੱਥ ‘ਤੇ ਵੀ ਜ਼ੋਰ ਦਿੱਤਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਨਿਯਮਿਤ ਰੂਪ ਵਿੱਚ ਗੁਪਤ ਜਾਣਕਾਰੀ ਅਤੇ ਸੂਚਨਾਵਾਂ ਦਾ ਆਦਾਨ-ਪ੍ਰਦਾਨ ਕਰਨਾ ਚਾਹੀਦਾ ਹੈ ਅਤੇ ਜਨਤਾ ਨੂੰ ਉਹਨਾਂ ਨੂੰ ਸਮਰਥਨ ਦੇਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ‘ਸਰਹੱਦਾਂ ਨੂੰ ਸੁਰੱਖਿਅਤ ਕਰਨ ਲਈ ਕੀਤੇ ਸਾਂਝੇ ਯਤਨ ਅਤੇ ਦ੍ਰਿੜ ਸੰਕਲਪ ਯਕੀਨੀ ਤੌਰ ‘ਤੇ ਲਾਹੇਵੰਦ ਸਿੱਧ ਹੋਣਗੇ।

ਉਨ੍ਹਾਂ ਨੇ ਸੁਰੱਖਿਆ ਬਲਾਂ ਨੂੰ ਪ੍ਰੇਰਿਤ ਕੀਤਾ ਅਤੇ ਸਰਹੱਦਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਅਤੇ ਬਹਾਦਰੀ ਦੀ ਸ਼ਲਾਘਾ ਵੀ ਕੀਤੀ।

Facebook Page:https://www.facebook.com/factnewsnet

See videos:https://www.youtube.com/c/TheFACTNews/videos