ਚੰਡੀਗੜ੍ਹ

ਕਰੋਨਾਵਾਇਰਸ ਦੇ ਨਵੇਂ ਸਟ੍ਰੇਨ ਮਿਲਣ ਕਾਰਨ ਵਿਦੇਸ਼ ਤੋਂ ਆਉਣ ਵਾਲਿਆਂ ਲਈ ਯੂਟੀ ਪ੍ਰਸ਼ਾਸਨ ਸਖਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 28

ਕਰੋਨਾਵਾਇਰਸ ਦੇ ਨਵੇਂ ਸਟ੍ਰੇਨ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਦੀ ਚਿੰਤਾ ਵਧ ਗਈ ਹੈ। ਉੱਥੇ ਹੀ ਯੂਟੀ ਪ੍ਰਸ਼ਾਸਨ ਨੇ ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਨਿਗਰਾਨੀ ਲਈ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਯੂਟੀ ਪ੍ਰਸ਼ਾਸਨ ਨੇ ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਨਿਗਰਾਨੀ ਲਈ ਰਣਨੀਤੀ ਤਿਆਰ ਕਰ ਲਈ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਮੁਸਾਫ਼ਿਰਾਂ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਜਾ ਰਿਹਾ ਹੈ। ਯੂਟੀ ਪ੍ਰਸ਼ਾਸਨ ਨੇ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ, ਨਿਊਜ਼ੀਲੈਂਡ ਅਤੇ ਜ਼ਿੰਮਬਾਵੇ ਤੋਂ ਆਉਣ ਵਾਲਿਆਂ ਲਈ ਕਰੋਨਾ ਟੈਸਟ ਅਤੇ ਸੱਤ ਦਿਨਾਂ ਦਾ ਇਕਾਂਤਵਾਸ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੀ ਨਿਗਰਾਨੀ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ ਜਾਵੇਗੀ।

ਪ੍ਰਸ਼ਾਸਨ ਵੱਲੋਂ ਜਾਰੀ ਆਦੇਸ਼ ਅਨੁਸਾਰ ਨਵੇਂ ਸਟ੍ਰੇਨ ਨਾਲ ਸਬੰਧਿਤ ਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ਦੀ ਹੁਣੇ ਤੋਂ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਏਅਰਪੋਰਟ ’ਤੇ ਉਤਰਨ ਸਮੇਂ ਕਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੋਵੇਗਾ। ਉੱਥੇ ਹੀ ਸੱਤ ਦਿਨਾਂ ਦੇ ਇਕਾਂਤਵਾਸ ਤੋਂ ਬਾਅਦ ਮੁੜ ਕਰੋਨਾ ਟੈਸਟ ਕੀਤਾ ਜਾਵੇਗਾ। ਇਸ ਦੀ ਨੈਗੇਟਿਵ ਰਿਪੋਰਟ ਆਉਣ ਤੋਂ ਬਾਅਦ ਹੀ ਘਰ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ। ਪ੍ਰਸ਼ਾਸਨ ਨੇ ਚੰਡੀਗੜ੍ਹ ਪੁਲੀਸ ਅਤੇ ਸਿਹਤ ਵਿਭਾਗ ਨੂੰ 24 ਘੰਟੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਸਨ।