ਪੰਜਾਬ

ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਤੇ ਭਵਾਨੀਗੜ ਦੇ ਪਿੰਡਾਂ ਦੀ ਸੁਰੱਖਿਆ ਲਈ ਕੀਤੀ ‘ਸੇਫ਼ ਸਿਟੀ ਪ੍ਰੋਜੈਕਟ’ ਦੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਬਾਲੀਆਂ , ਅਗਸਤ 15

ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਸੰਗਰੂਰ ਹਲਕੇ ਦੇ ਪਿੰਡ ਬਾਲੀਆਂ ਤੋਂ ਸੂਬੇ ਦੇ ਪਿੰਡਾਂ ’ਚ ਹਾਈ-ਟੈਕ ਕੈਮਰੇ ਲਗਾਉਣ ਲਈ ਸ਼ੁਰੂ ਕੀਤੇ ਜਾ ਰਹੀ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ’ਚ ਪਹਿਲੀ ਵਾਰ ਸ਼ੁਰੂ ਕੀਤੇ ਜਾ ਰਹੇ ਇਸ ਪ੍ਰੋਜੈਕਟ ਤਹਿਤ ਸੰਗਰੂਰ ਅਤੇ ਭਵਾਨੀਗੜ ਸਬਡਵੀਜ਼ਨ ਦੇ ਸਾਰੇ 87 ਪਿੰਡਾਂ ਦੇ ਹਰ ਦਾਖਲੇ ਅਤੇ ਨਿਕਾਸੀ ਵਾਲੇ ਸਥਾਨ ’ਤੇ ਇਹ ਹਾਈ-ਟੈਕ ਕੈਮਰੇ ਲਗਵਾਏ ਜਾਣਗੇ। ਉਨਾਂ ਕਿਹਾ ਕਿ ਸੰਗਰੂਰ ਹਲਕੇ ’ਚ ਲਗਾਏ ਜਾ ਰਹੇ ਇਸ ਪਾਇਲਟ ਪ੍ਰੋਜੈਕਟ ਦੀ ਸਫ਼ਲਤਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਸ਼ੁਰੂ ਕੀਤਾ ਜਾਵੇਗਾ।

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਹਲਕੇ ਦੇ ਪਿੰਡਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਹੀ ਉਹ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਹ ਪ੍ਰੋਜੈਕਟ ਮਨਜ਼ੂਰ ਕਰਵਾ ਕੇ ਲੈ ਕੇ ਆਏ ਹਨ। ਉਨਾਂ ਦੱਸਿਆ ਕਿ ਕਾਂਗਰਸ ਸਰਕਾਰ ਦੀ ਅਗਵਾਈ ’ਚ ਉਹ ਸੰਗਰੂਰ ਹਲਕੇ ਨੂੰ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਉਣ ਲਈ ਵਚਨਬੱਧ ਹਨ ਅਤੇ ਇਸ ਦਿਸ਼ਾ ਵੱਲ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੇ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਵੀ ਆ ਰਹੇ ਹਨ। ਉਨਾਂ ਕਿਹਾ ਕਿ ਸੰਗਰੂਰ ਹਲਕੇ ’ਚ ਲਗਾਇਆ ਜਾ ਰਿਹਾ ਇਹ ਇੱਕ ਅਜਿਹਾ ਹਾਈ-ਟੈਕ ਪ੍ਰੋਜੈਕਟ ਹੈ ਜਿਸ ’ਚ ਹਰ ਕੈਮਰੇ ਦੀ ਰਿਕਾਰਡਿੰਗ ਪੁਲਿਸ ਅਧਿਕਾਰੀਆਂ ਕੋਲ ਸਬੰਧਤ ਥਾਣਿਆਂ ’ਚ ਲਾਈਵ ਪਹੁੰਚੇਗੀ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਹਾਲਤ ’ਚ ਮਾੜੇ ਅਨਸਰਾਂ ਦੀ ਪਛਾਣ ਕਰਨ ਲਈ ਇਹ ਕੈਮਰੇ ਬਹੁਤ ਲਾਹੇਵੰਦ ਸਾਬਤ ਹੋਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕੈਮਰੇ ਲਗਾਉਣ ਤੇ ਕੰਟਰੋਲ ਰੂਮ ਸਥਾਪਤ ਕਰਨ ਲਈ ਲੋਕ ਨਿਰਮਾਣ ਵਿਭਾਗ ਨੂੰ ਨੋਡਲ ਏਜੰਸੀ ਬਣਾਇਆ ਗਿਆ ਹੈ ਤੇ ਵਿਭਾਗ ਵੱਲੋਂ ਇਸ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਾਏ ਜਾਣ ਵਾਲੇ ਕੈਮਰਿਆਂ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਮੁਜ਼ਰਮਾਂ ਦੀ ਪਛਾਣ ਕਰਨ ਮੌਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਐਸ.ਪੀ. ਹੈਡਕਵਾਰਟਰ ਆਲਮ ਵਿਜੇ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।