ਸਾਲ 2024 ਵਿੱਚ ਚੰਡੀਗੜ੍ਹ ਦੇ ਮੇਅਰ ਚੋਣ ਵਿੱਚ ਧਾਂਦਲੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਪਾਰਦਰਸ਼ਤਾ ਲਿਆਉਣ ਲਈ ਇਸ ਚੋਣ ਨੂੰ ਬਦਲਣ ਦਾ ਪ੍ਰਸਤਾਵ ਤਿਆਰ ਕੀਤਾ, ਜਿਸਨੂੰ ਮਨਜ਼ੂਰੀ ਦੇ ਦਿੱਤੀ ਗਈ। ਹੁਣ ਸਾਲ 2026 ਦੀ ਮੇਅਰ ਚੋਣ ਵਿੱਚ ਕੌਂਸਲਰ ਗੁਪਤ ਵੋਟਿੰਗ ਦੀ ਬਜਾਏ ਹੱਥ ਚੁੱਕ ਕੇ ਵੋਟ ਪਾਉਣਗੇ।
ਹੁਣ ਚੰਡੀਗੜ੍ਹ ਦੇ ਮੇਅਰ ਦੀ ਚੋਣ ਹੱਥ ਖੜ੍ਹੇ ਕਰਕੇ ਕੀਤੀ ਜਾਵੇਗੀ। ਚੰਡੀਗੜ੍ਹ ਨਗਰ ਨਿਗਮ (ਕਾਰਵਾਈ ਅਤੇ ਸੰਚਾਲਨ) ਨਿਯਮ, 1996 ਵਿੱਚ ਇੱਕ ਮਹੱਤਵਪੂਰਨ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਤੋਂ, ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਗੁਪਤ ਵੋਟਿੰਗ ਦੀ ਬਜਾਏ ਹੱਥ ਖੜ੍ਹੇ ਕਰਕੇ ਕੀਤੀ ਜਾਵੇਗੀ। ਇਸ ਕਦਮ ਦਾ ਉਦੇਸ਼ ਨਗਰ ਨਿਗਮ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ।
ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਸ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹੁਣ ਇਸ ਪ੍ਰਸਤਾਵ ‘ਤੇ ਇਤਰਾਜ਼ ਅਤੇ ਸੁਝਾਅ ਮੰਗੇ ਜਾਣਗੇ। ਇਹ ਬਦਲਾਅ ਪਿਛਲੇ ਸਾਲ ਮੇਅਰ ਚੋਣ ਵਿੱਚ ਹੋਏ ਵਿਵਾਦ ਤੋਂ ਬਾਅਦ ਆਇਆ ਹੈ, ਜਿਸ ਵਿੱਚ ਵੋਟਿੰਗ ਪ੍ਰਕਿਰਿਆ ‘ਤੇ ਸਵਾਲ ਉਠਾਏ ਗਏ ਸਨ।