ਫੈਕਟ ਸਮਾਚਾਰ ਸੇਵਾ
ਪਟਿਆਲਾ, ਫਰਵਰੀ 23
ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੀ ਵਾਰਡ ਨੰਬਰ 4 ਦੇ ਮਨਜੀਤ ਨਗਰ ਵਿਖੇ 46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਤੇ ਕੌਂਸਲਰ ਮਨਦੀਪ ਸਿੰਘ ਵਿਰਦੀ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਾਲ ਦੇ ਅੰਤ ਤੱਕ ਨਹਿਰੀ ਪਾਣੀ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਕੇ ਪਟਿਆਲਾ ਸ਼ਹਿਰ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦੀ ਚੌਵੀ ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਹੁਣ ਮੌਸਮ ਠੀਕ ਹੋਣ ਕਰਕੇ ਸ਼ਹਿਰ ਦੀਆਂ ਸੜਕਾਂ ਦਾ ਨਿਰਮਾਣ ਕਾਰਜ ਜੰਗੀ ਪੱਧਰ ‘ਤੇ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਪਟਿਆਲਾ ਦਿਹਾਤੀ ਹਲਕੇ ਦੇ ਉਨ੍ਹਾਂ ਇਲਾਕਿਆਂ ਵਿੱਚ ਬਰਸਾਤੀ ਪਾਣੀ ਦੇ ਨਿਕਾਸ ਦੇ ਪ੍ਰਬੰਧ ਕੀਤੇ ਗਏ ਹਨ ਜਿੱਥੇ ਪਹਿਲਾਂ ਮੀਂਹ ਪੈਣ ਦੇ ਕਈ-ਕਈ ਘੰਟਿਆਂ ਤੱਕ ਪਾਣੀ ਦੀ ਨਿਕਾਸੀ ਨਹੀਂ ਸੀ ਹੁੰਦੀ।ਇਸ ਨਾਲ ਬਾਜ਼ਾਰਾਂ ਵਿੱਚ ਪਾਣੀ ਨਾ ਖੜ੍ਹਨ ਕਾਰਨ ਵਪਾਰੀਆਂ ਦਾ ਕਾਰੋਬਾਰ ਵਧੇਗਾ ਅਤੇ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਨੀਵੇਂ ਥਾਂਵਾਂ ਤੋਂ ਪਾਇਪ ਪਾਕੇ ਪਾਣੀ ਮਾਡਲ ਟਾਊਨ ਡਰੇਨ ਵਿੱਚ ਪਾਇਆ ਗਿਆ ਹੈ ਜੋ ਕਿ ਅੱਗੇ ਜਾਕੇ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਤੇ ਸਿੱਖਿਆ ਦਾ ਪ੍ਰਬੰਧ ਕਰਨ ਸਮੇਤ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਗਰ ਨਿਗਮ ਦੀ ਨਵੀਂ ਟੀਮ ਸ਼ਹਿਰ ਵਾਸੀਆਂ ਦੀ ਸੇਵਾ ਕਰਨ ਲਈ ਤਤਪਰ ਹੈ, ਜਿਸ ਲਈ ਸਮੁੱਚੇ ਅਫ਼ਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸ਼ਹਿਰ ਵਾਸੀਆਂ ਦੀ ਭਲਾਈ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ।
ਇਸ ਮੌਕੇ ਜਸਬੀਰ ਸਿੰਘ ਗਾਂਧੀ, ਗੁਰਚਰਨ ਸਿੰਘ ਰੁਪਾਣਾ, ਲਾਲ ਸਿੰਘ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਗੁਰਪ੍ਰੀਤ ਸਿੰਘ ਵਾਲੀਆ ਅਤੇ ਹੋਰ ਅਧਿਕਾਰੀਆਂ, ਬਲਾਕ ਪ੍ਰਧਾਨ ਮੋਹਿਤ ਕੁਕਰੇਜਾ, ਹਰਬੰਤ ਸਿੰਘ ਫੌਜੀ, ਮੂਲਾ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ ਮਹਿਰਾ, ਦੌਲਤ ਰਾਮ, ਡਾ. ਨਵਤੇਜ ਸਿੰਘ, ਗੁਰਬਚਨ ਸਿੰਘ, ਗੁਰਪ੍ਰੀਤ ਸਿੰਘ, ਚੰਦਰੇਸ਼ ਯਾਦਵ ਤੇ ਰਾਕੇਸ਼ ਕੁਮਾਰ ਸਮੇਤ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।