ਫੈਕਟ ਸਮਾਚਾਰ ਸੇਵਾ
ਨਾਭਾ , ਮਾਰਚ 31
ਨਾਭਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਣ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਬਾਅਦ ਦੁਪਹਿਰ ਅਚਾਨਕ ਪਹੁੰਚੇ। ਜਿਨ੍ਹਾਂ ਵਿਚਕਾਰ ਲਗਪਗ 45 ਮਿੰਟ ਮੁਲਾਕਾਤ ਹੋਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਮੌਜੂਦ ਰਹੇ।
ਇਸ ਉਪਰੰਤ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਬਕਾ ਮੰਤਰੀ ਧਰਮਸੋਤ ਬਿਲਕੁਲ ਠੀਕ ਹਨ ਅਤੇ ਬਹੁਤ ਹੀ ਜਲਦੀ ਉਹ ਪਾਕ ਸਾਫ ਹੋ ਕੇ ਜੇਲ੍ਹ ’ਚੋਂ ਬਾਹਰ ਆਉਣਗੇ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕਿ ਕਿਸਾਨਾਂ ਨੂੰ ਸਰਕਾਰ ਗੱਲਬਾਤ ਲਈ ਸੱਦਾ ਦੇ ਰਹੀ ਹੈ, ਬਾਰੇ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਗਿਆ ਹੈ, ਕਿਸਾਨਾਂ ਨੂੰ ਮੀਟਿੰਗ ਬਹਾਨੇ ਬੁਲਾਅ ਕੇ ਬਾਅਦ ਵਿੱਚ ਸਰਕਾਰ ਵੱਲੋਂ ਧੱਕੇ ਨਾਲ ਧਰਨਾ ਚੁਕਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਧਰਨਾਕਾਰੀ ਕਿਸਾਨਾਂ ਨੂੰ ਜਲੀਲ ਵੀ ਕੀਤਾ ਗਿਆ ਹੈ ਅਤੇ ਇਸ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਮਾਨ ਵੀ ਚੋਰੀ ਹੋਇਆ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹਨ ਕਿ ਉਹ ਤਕੜੇ ਹੋ ਕੇ ਪਹਿਲਾਂ ਪੰਜਾਬ ਪੁਲਿਸ ਦੀ ਇਮੇਜ ਸੁਧਾਰਨ ਵੱਲ ਆਪਣਾ ਧਿਆਨ ਦੇਣ ਕਿਉਂਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਵਿਗੜ ਚੁੱਕੀ ਹੈ। ਸੂਬੇ ਵਿੱਚ ਹਰ ਰੋਜ਼ ਲੁੱਟ ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਪੰਜਾਬ ਵਿਚ ਨਸ਼ਿਆਂ ਦੀ ਬਹੁਤਾਤ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਿਸ ਇਮਾਨਦਾਰੀ ਨਾਲ ਪੰਜਾਬ ਦੀ ਬਿਹਤਰੀ ਚਾਹੁੰਦੀ ਹੋਵੇ ਤਾਂ ਇੱਕ ਹਫਤੇ ਵਿੱਚ ਹਾਲਾਤ ਸੁਧਰ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਆਓ ਆਪਾਂ ਇੱਕਜੁੱਟ ਹੋਈਏ ਅਤੇ ਆਮ ਆਦਮੀ ਪਾਰਟੀ ਨੂੰ ਇਥੋਂ ਬਾਹਰ ਕਰੀਏ ਕਿਉਂਕਿ ਪੰਜਾਬ ਦੇ ਲੋਕਾਂ ਨੇ ਅਜਿਹੇ ਬੰਦਿਆਂ ਨੂੰ ਰਾਜ ਦੇ ਦਿੱਤਾ ਹੈ ਜਿਨ੍ਹਾਂ ਨੂੰ ਕੋਈ ਪਿੰਡ ਵਿੱਚ ਮੈਂਬਰ ਦੇ ਤੌਰ ’ਤੇ ਵੀ ਨਹੀਂ ਚੁਣਦਾ ਸੀ।