ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੁਲਾਈ 14
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ।
ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ ‘ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ।
ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨਸ਼ੇ ਦਾ ਕਾਰੋਬਾਰ ਬਿਨਾਂ ਕਿਸੇ ਰੋਕ-ਟੋਕ ਦੇ ਇੰਨੀ ਵੱਡੀ ਪੱਧਰ ‘ਤੇ ਫੈਲ ਗਿਆ ਅਤੇ ਪੰਜਾਬ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ। ਸੀਐਮ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ। ਸੀਐਮ ਮਾਨ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਵਿੱਚ ਸ਼ਾਨਦਾਰ ਕੰਮ ਲਈ ਪੰਜਾਬ ਪੁਲਿਸ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਵਿੱਚ ਸਿਰੇ ਤੋਂ ਨਾਕਾਮ ਰਹੀਆਂ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਵਿੱਚ ਆਧੁਨਿਕ ਖੇਡ ਸਹੂਲਤਾਂ ਦੇਣ ਲਈ ਇਤਿਹਾਸਕ ਮਿਸ਼ਨ ਸ਼ੁਰੂ ਕੀਤਾ ਹੈ। ਸੀਐਮ ਮਾਨ ਨੇ ਐਲਾਨ ਕੀਤਾ ਕਿ ਲਗਪਗ 13,000 ਪਿੰਡਾਂ ਨੂੰ ਉੱਚ-ਪੱਧਰੀ ਖੇਡ ਮੈਦਾਨਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਅਧੀਨ ਪਹਿਲਾਂ ਹੀ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਵਿੱਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਸੀਐਮ ਮਾਨ ਨੇ ਪੁਸ਼ਟੀ ਕੀਤੀ ਕਿ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ, ਜਿਸ ਦੇ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਚੁੱਕੇ ਹਨ। ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਮੁੱਖ ਤਰਜੀਹ ਦੇਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਜ਼ਬੂਤ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਤਜਰਬੇਕਾਰ ਖਿਡਾਰੀਆਂ ਦੀ ਮੁਹਾਰਤ ਦੀ ਪੂਰੀ ਵਰਤੋਂ ਕੀਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਸੀਮਤ ਸਰੋਤਾਂ ਦੇ ਬਾਵਜੂਦ ਪੰਜਾਬ ਨੇ ਹਰਭਜਨ ਸਿੰਘ, ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਸਿਤਾਰੇ ਪੈਦਾ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਅਜਿਹੀਆਂ ਹੋਰ ਪ੍ਰਤਿਭਾਵਾਂ ਵਧ-ਫੁੱਲ ਸਕਣ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ “ਰੰਗਲਾ ਪੰਜਾਬ” – ਇੱਕ ਜੀਵੰਤ, ਪ੍ਰਗਤੀਸ਼ੀਲ ਪੰਜਾਬ ਸਿਰਜਣ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗੀ। ਸੀਐਮ ਨੇ ਅੱਗੇ ਕਿਹਾ ਕਿ ਇਹ ਸੂਬੇ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਬੇਹੱਦ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ, ਫਿਰ ਵੀ ਬਹੁਤ ਸਾਰੇ ਖਿਡਾਰੀ ਆਪਣੀ ਨਿੱਜੀ ਦ੍ਰਿੜਤਾ ਅਤੇ ਮਿਹਨਤ ਨਾਲ ਨਾਮਣਾ ਖੱਟਣ ਵਿੱਚ ਕਾਮਯਾਬ ਰਹੇ। ਖੇਡ ਪ੍ਰੇਮੀ ਅਤੇ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਸੀਐਮ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਯਤਨਾਂ ਦੇ ਸਾਰਥਕ ਨਤੀਜੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹਰ ਖੇਤਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨਗੇ।