View in English:
August 18, 2025 10:47 pm

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਗਸਤ 18

ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ।

ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਕਪੂਰਥਲਾ, ਹਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਹੜ੍ਹ ਵਾਲੇ ਖੇਤਰਾਂ ਵਿੱਚ ਕਿਸਾਨਾਂ ਦੁਆਰਾ ਬਣਾਏ ਗਏ ਅਸਥਾਈ ਬੰਨ੍ਹਾਂ ਵਿੱਚ ਪਾੜ ਪਏ ਹਨ।

ਉਨ੍ਹਾਂ ਦੱਸਿਆ ਕਿ ਕਪੂਰਥਲਾ, ਫਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦਾ ਕਰੀਬ 14,200 ਏਕੜ ਰਕਬਾ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ ਜ਼ਿਲ੍ਹਾ ਕਪੂਰਥਲਾ ਦੇ ਰਕਬੇ ਵਿੱਚ ਵਸੋਂ ਪ੍ਰਭਾਵਿਤ ਹੋਈ ਹੈ ਜਦਕਿ ਫ਼ਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਪ੍ਰਭਾਵਿਤ ਰਕਬਾ ਖੇਤੀਬਾੜੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਮੌਜੂਦ ਹੈ।

ਵਿਭਾਗੀ ਅਮਲੇ ਦੇ ਨਿਗਰਾਨੀ ਪ੍ਰਬੰਧਨ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਫੀਲਡ ਵਿੱਚ 4 ਸੁਪਰੀਡੈਂਟਿੰਗ ਇੰਜੀਨੀਅਰ (ਐਸ.ਈਜ਼), 10 ਐਕਸੀਅਨ, 20 ਐਸ.ਡੀ.ਓਜ਼ ਅਤੇ 200 ਫੀਲਡ ਸਟਾਫ (ਸਮੇਤ ਜੇ.ਈਜ਼) ਨਿਰੰਤਰ 24 ਘੰਟੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਸੰਵੇਦਨਸ਼ੀਲ ਖੇਤਰ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਕੈਂਪ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬੇਘਰ ਹੋਏ ਲੋਕਾਂ ਨੂੰ ਆਸਰਾ, ਭੋਜਨ ਅਤੇ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬਣਾਏ ਬੰਨ੍ਹ ਸੁਰੱਖਿਅਤ ਹਨ ਅਤੇ ਇਨ੍ਹਾਂ ਬੰਨ੍ਹਾਂ ਤੋਂ ਪਾਣੀ ਦਾ ਕੋਈ ਓਵਰਫਲੋਅ ਨਹੀਂ ਹੋਇਆ ਹੈ। ਇਨ੍ਹਾਂ ਬੰਨ੍ਹਾਂ ‘ਤੇ ਰੋਸਟਰ-ਆਧਾਰਤ ਮਜ਼ਬੂਤ ਟੀਮਾਂ ਵੱਲੋਂ 24 ਘੰਟੇ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਪਸ਼ੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਿਸ਼ੇਸ਼ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਵੱਖਰੇ ਸ਼ੈਲਟਰ ਬਣਾਉਣਾ, ਚਾਰਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਵੈਟਰਨਰੀ ਟੀਮਾਂ ਦੀ ਤੈਨਾਤੀ ਕਰਨਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਤਰਜੀਹੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਸਾਫ਼ ਪੀਣ ਵਾਲੇ ਪਾਣੀ, ਮੋਬਾਈਲ ਸਿਹਤ ਯੂਨਿਟਾਂ ਅਤੇ ਜ਼ਰੂਰੀ ਦਵਾਈਆਂ ਦੀ ਨਿਰਵਿਘਨ ਸਪਲਾਈ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਨੇ ਤਰਨ ਤਾਰਨ ਅਤੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਹਦਾਇਤ ਕੀਤੀ ਕਿ ਉੱਪਰੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਅਤੇ ਬਿਆਸ ਦਰਿਆਵਾਂ ਵਿੱਚ ਪਾਣੀ ਦੇ ਵਧੇ ਵਹਾਅ ਦੇ ਮੱਦੇਨਜ਼ਰ ਉਹ ਨਿੱਜੀ ਤੌਰ ‘ਤੇ ਹਰੀਕੇ ਹੈੱਡਵਰਕਸ ਦੀ 24 ਘੰਟੇ ਨਿਗਰਾਨੀ ਕਰਨ।

ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਬਰਿੰਦਰ ਕੁਮਾਰ ਗੋਇਲ ਨੇ ਭਰੋਸਾ ਦਿੱਤਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਉਪਾਅ ਕੀਤੇ ਜਾ ਰਹੇ ਹਨ ਅਤੇ ਸਥਿਤੀ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨਾਲ ਚੀਫ਼ ਇੰਜੀਨੀਅਰ (ਡਰੇਨੇਜ) ਹਰਦੀਪ ਸਿੰਘ ਮੈਂਦੀਰੱਤਾ ਅਤੇ ਚੀਫ਼ ਇੰਜੀਨੀਅਰ (ਨਹਿਰਾਂ) ਸ਼ੇਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English