ਮਾਨ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਨਵੰਬਰ 13

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਕੁੱਲ 1143 ਪਿੰਡਾਂ ਵਿੱਚ ਘਰਾਂ, ਪਸ਼ੂਆਂ ਨੂੰ ਹੋਏ ਨੁਕਸਾਨ ਅਤੇ ਫ਼ਸਲ ਖ਼ਰਾਬੇ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਲਈ ਮੁਆਵਜ਼ਾ ਦੇ ਦਿੱਤਾ ਗਿਆ ਹੈ।

ਰਾਹਤ ਵੰਡ ਦੇ ਤੀਜੇ ਪੜਾਅ ਦੇ ਲਗਾਤਾਰ ਦੂਜੇ ਦਿਨ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਲੋਕਾਂ ਤੱਕ ਨਿਰੰਤਰ ਪਹੁੰਚ ਜਾਰੀ ਰੱਖਦਿਆਂ ਸੂਬੇ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵੰਡੀ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋ ਦਿਨਾਂ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਅੰਮ੍ਰਿਤਸਰ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਮਾਨਸਾ, ਸੰਗਰੂਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਵਿੱਚ ਲਗਭਗ 70 ਥਾਵਾਂ ‘ਤੇ ਰਾਹਤ ਵੰਡ ਸਮਾਗਮ ਕਰਵਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਰਣਬੀਰ ਸਿੰਘ ਭੁੱਲਰ (ਵਿਧਾਇਕ ਫਿਰੋਜ਼ਪੁਰ ਸ਼ਹਿਰੀ), ਰਜਨੀਸ਼ ਦਹੀਆ (ਵਿਧਾਇਕ ਫਿਰੋਜ਼ਪੁਰ ਦਿਹਾਤੀ), ਨਰੇਸ਼ ਕਟਾਰੀਆ (ਵਿਧਾਇਕ ਜ਼ੀਰਾ) ਅਤੇ ਫੌਜਾ ਸਿੰਘ ਸਰਾਰੀ (ਵਿਧਾਇਕ ਗੁਰੂਹਰਸਹਾਏ) ਨੇ ਵੱਖ-ਵੱਖ ਸਮਾਗਮਾਂ ਦੌਰਾਨ ਲਗਭਗ 3,000 ਕਿਸਾਨਾਂ ਨੂੰ 16.68 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਵੰਡੀ।

ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਪਿੰਡ ਸ਼ਾਹਪੁਰ ਗੋਰਾਇਆ, ਭਗਤਾਣਾ ਤੁਲੀਆਂ, ਅਗਵਾਨ, ਸ਼ਕਰੀ ਅਤੇ ਮਛਰਾਲਾ ਦੇ 935 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 3.71 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਗਈ।

ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹੜ੍ਹਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਲਈ ਪਿੰਡ ਅਟਾਰੀ, ਡੋਹਕ, ਝਬੇਲਵਾਲੀ, ਖੋਖਰ, ਕੋਟਲੀ ਸੰਘਰ, ਲੁਬਾਣਿਆਂਵਾਲੀ, ਮਰਾੜ ਕਲਾਂ, ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਥਾਂਦੇਵਾਲਾ, ਉਦੇਕਰਨ ਅਤੇ ਵੰਗਲ ਦੇ 270 ਲਾਭਪਾਤਰੀਆਂ ਨੂੰ ਪਿੰਡ ਥਾਂਦੇਵਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਮਨਜ਼ੂਰੀ ਪੱਤਰ ਵੰਡੇ।

ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਆਲਮ ਖਾਨਵਾਲਾ, ਸ਼ੇਰਪੁਰ ਡੋਗਰਾ ਅਤੇ ਪੱਸਣ ਕਦੀਮ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਵੀ ਮੁਆਵਜ਼ਾ ਵੰਡਿਆ ਗਿਆ। ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀ ਲੋਪੋਕੇ ਸਬ ਡਿਵੀਜ਼ਨ ਅਧੀਨ ਪੈਂਦੇ ਪਿੰਡ ਤੂਤ, ਮੋਤਲਾ, ਜੈ ਰਾਮ ਕੋਟ ਅਤੇ ਭੱਗੂਪੁਰ ਬੇਟ ਵਿਖੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਐਸ.ਡੀ.ਐਮ. ਲੋਪੋਕੇ ਸੰਜੀਵ ਸ਼ਰਮਾ ਨੇ ਕਰੀਬ 26 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਤੱਕ ਪਾਰਦਰਸ਼ਤਾ ਨਾਲ ਰਾਹਤ ਪਹੁੰਚਾਈ ਜਾਵੇ।

ਉਨ੍ਹਾਂ ਦੱਸਿਆ ਕਿ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ ਜਦਕਿ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਦੇਸ਼ ਵਿੱਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗ਼ੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

ਬੁਲਾਰੇ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੇ ਆਪਣੇ ਕਿਸਾਨਾਂ ਨੂੰ ਪ੍ਰਗਤੀਸ਼ੀਲ ਪਹਿਲਕਦਮੀ “ਜਿਸਦਾ ਖੇਤ, ਉਸਦੀ ਰੇਤ” ਰਾਹੀਂ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦਾ ਅਧਿਕਾਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਆਪਣੀ ਜ਼ਮੀਨ ਨੂੰ ਬਹਾਲ ਕਰਨ ਅਤੇ ਅਗਲੇ ਬਿਜਾਈ ਸੀਜ਼ਨ ਲਈ ਖੇਤਾਂ ਨੂੰ ਤਿਆਰ ਕਰਨ ਦੇ ਸਮਰੱਥ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਪੂਰਾ ਅਤੇ ਸਮੇਂ ਸਿਰ ਮੁਆਵਜ਼ਾ ਮਿਲੇ।

Leave a Reply

Your email address will not be published. Required fields are marked *

View in English