ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਫੈਕਟ ਸਮਾਚਾਰ ਸੇਵਾ

ਸ੍ਰੀ ਅਨੰਦਪੁਰ ਸਾਹਿਬ, ਨਵੰਬਰ 23

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ ਅਤੇ ਸੰਗਤ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਭਾਈਚਾਰਕ ਸਾਂਝ, ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਲਈ ਮਾਨਵਤਾ ਨੂੰ ਸੇਧ ਦਿੰਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਅਪਣਾਉਂਦਿਆਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲੈ ਕੇ ਸੂਬਾ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਇਹ ਵੱਡੇ ਸਮਾਗਮ ਕਰਵਾਉਣ ਦਾ ਉਪਰਾਲਾ ਕਰ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਾਨਵਤਾਵਾਦ ਅਤੇ ਆਤਮ ਬਲਿਦਾਨ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਹ ਆਪਣੇ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਇਹ ਸਮਾਗਮ ਕਰਵਾਉਣ ਦਾ ਸੁਭਾਗ ਹਾਸਲ ਹੋਇਆ ਹੈ ਕਿਉਂਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਅਤੇ ਬੇਮਿਸਾਲ ਹੈ ਅਤੇ ਜਬਰ-ਜ਼ੁਲਮ ਦੇ ਵਿਰੁੱਧ ਡਟ ਜਾਣ ਦਾ ਪ੍ਰਤੀਕ ਹੈ। ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਬਾਣੀ ਸਾਨੂੰ ਏਕਤਾ, ਵਿਸ਼ਵ-ਵਿਆਪੀ ਭਾਈਚਾਰਾ, ਤਿਆਗ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ।
ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਸੱਚੀ ਭਾਵਨਾ ਨਾਲ ਅਪਣਾਉਣਾ ਹੀ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੈ ਉਨ੍ਹਾਂ ਕਿਹਾ ਕਿ ਆਓ, ਜਾਤ, ਰੰਗ, ਨਸਲ ਅਤੇ ਸੌੜੀਆਂ ਵਲਗਣਾਂ ਤੋਂ ਉੱਪਰ ਉਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ। ਉਨ੍ਹਾਂ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

View in English