ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਅਗਸਤ 28

ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ ਹਲਕੇ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਿਮਲਾ ਪਹਾੜੀ ਨੇੜੇ ਇਕ ਘਰ ਅਤੇ ਪਿੰਡ ਬਜਵਾੜਾ ਵਿਚ ਦੋ ਨੁਕਸਾਨੇ ਗਏ ਘਰਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੇ ਘਰ ਮੀਂਹ ਅਤੇ ਪਾਣੀ ਭਰਨ ਕਾਰਨ ਨੁਕਸਾਨੇ ਗਏ ਸਨ ਅਤੇ ਇਸ ਘਟਨਾ ਵਿਚ ਜ਼ਖਮੀ ਵਿਅਕਤੀਆਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੀੜਤਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਵਿਧਾਇਕ ਜਿੰਪਾ ਨੇ ਮੌਕੇ ‘ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਨੁਕਸਾਨ ਦਾ ਮੁਲਾਂਕਣ ਕਰਨ ਅਤੇ ਯੋਗ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਔਖੇ ਸਮੇਂ ਵਿਚ ਕਿਸੇ ਨੂੰ ਵੀ ਇਕੱਲਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਹਤ ਅਤੇ ਪੁਨਰਵਾਸ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਲੋੜ ਹੈ ਤਾਂ ਜੋ ਪ੍ਰਭਾਵਿਤ ਪਰਿਵਾਰ ਜਲਦੀ ਹੀ ਆਮ ਜੀਵਨ ਬਤੀਤ ਕਰ ਸਕਣ।
ਵਿਧਾਇਕ ਨੇ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡ ਰਹੀ ਹੈ। ਇਸ ਤਹਿਤ ਲੋਕਾਂ ਤੱਕ ਰਾਸ਼ਨ, ਕੱਪੜੇ ਅਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਰੈੱਡ ਕਰਾਸ ਅਤੇ ਹੋਰ ਸਮਾਜਿਕ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਅੱਗੇ ਆ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਨੂੰ ਸਬਰ ਬਣਾਈ ਰੱਖਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਜ਼ਿੰਮੇਵਾਰੀ ਨਾਲ ਹਰੇਕ ਪੀੜਤ ਨੂੰ ਰਾਹਤ ਪ੍ਰਦਾਨ ਕਰੇਗਾ। ਇਸ ਮੌਕੇ ਨਾਇਬ ਤਹਿਸੀਲਦਾਰ ਹਿਰਦੇਵੀਰ ਸਿੰਘ, ਕੌਂਸਲਰ ਰਾਜੇਸ਼ਵਰ ਦਿਆਲ ਬੱਬੀ, ਬਿੰਦੂ ਸ਼ਰਮਾ, ਵਿਕਾਸ ਸੈਣੀ ਅਤੇ ਹੋਰ ਮੌਜੂਦ ਸਨ।

Leave a Reply

Your email address will not be published. Required fields are marked *

View in English