ਫੈਕਟ ਸਮਾਚਾਰ ਸੇਵਾ
ਲੁਧਿਆਣਾ, ਮਾਰਚ 12
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਸ਼ਾ ਮੁਕਤ ਪੰਜਾਬ ਸਿਰਜਣ ਲਈ ਨੌਜਵਾਨਾਂ ਨੂੰ ‘ਯੁਧ ਨਸ਼ਿਆ ਵਿਰੁੱਧ’ ਮੁਹਿੰਮ ਵਿੱਚ ਸਹਿਯੋਗ ਦੀ ਅਪੀਲੀ ਕੀਤੀ। ਪੰਜਾਬ ਦੇ ਭਵਿੱਖ ਨੂੰ ਸੰਵਾਰਨ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਉਂਦਿਆਂ ਸਪੀਕਰ ਸੰਧਵਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕਰਨ ਅਤੇ ਇਸ ਮਿਸ਼ਨ ਨੂੰ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ।
ਉਹ ਗੁਰੂ ਨਾਨਕ ਭਵਨ ਵਿੱਚ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਅਤੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ (ਪੀ.ਟੀ.ਆਈ.ਐਸ.) ਵੱਲੋਂ ਅੰਤਰ-ਪੋਲੀਟੈਕਨਿਕ ਯੁਵਕ ਮੇਲੇ ਵਿੱਚ ਸੰਬੋਧਨ ਕਰ ਰਹੇ ਸਨ।
ਪੰਜਾਬ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਸਮਾਜ ਦੇ ਹਰੇਕ ਵਿਅਕਤੀ ਖਾਸ ਕਰਕੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਮਾਜ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ, ਪੰਜਾਬ ਵਿੱਚੋਂ ਨਸ਼ਿਆਂ ਨੂੰ ਕਿਵੇਂ ਖਤਮ ਕੀਤਾ ਜਾਵੇ ਬਾਰੇ ਲੇਖ ਲਿਖਣ ਮੁਕਾਬਲੇ ਵਿੱਚ ਭਾਗ ਲੈਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਭ ਤੋਂ ਵਧੀਆ ਤਿੰਨ ਐਂਟਰੀਆਂ ਨੂੰ 50 ਹਜ਼ਾਰ, 30 ਹਜ਼ਾਰ ਅਤੇ 20 ਹਜ਼ਾਰ ਰੁਪਏ ਦੇ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਲਗਨ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਬਾਅਦ ਵਿੱਚ ਉਨ੍ਹਾਂ ਵੱਲੋਂ ਸਮਾਗਮ ਦੌਰਾਨ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।