ਫੈਕਟ ਸਮਾਚਾਰ ਸੇਵਾ
ਪਟਿਆਲਾ, ਜਨਵਰੀ 26
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਅਤੇ ਸਮੂਹ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇੱਥੇ ਪੋਲੋ ਗਰਾਊਂਡ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਮੂਹ ਪੰਜਾਬੀਆਂ ਨੂੰ ਰੰਗਲਾ ਪੰਜਾਬ ਬਣਾਉਣ ਲਈ ਰਲਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਾਰਚ ਪਾਸਟ ਤੋਂ ਸਲਾਮੀ ਵੀ ਲਈ।
ਪੰਜਾਬ ਵਾਸੀਆਂ ਦੇ ਨਾਮ ਆਪਣੇ ਸੰਦੇਸ਼ ‘ਚ ਹਰਜੋਤ ਸਿੰਘ ਬੈਂਸ ਨੇ 26 ਜਨਵਰੀ 1950 ਨੂੰ ਸੰਵਿਧਾਨ ਦੇ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਲਈ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੇ ਯੋਜਗਾਨ ਨੂੰ ਯਾਦ ਕਰਦਿਆਂ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੀਆਂ ਤਿੰਨੋ ਸੈਨਾਵਾਂ ਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਵੀ ਪ੍ਰਣਾਮ ਕੀਤਾ। ਉਨ੍ਹਾਂ ਨੇ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਤੇ ਆਜ਼ਾਦੀ ਸੰਗਰਾਮ ‘ਚ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਪੰਜਾਬ ਦੇ ਮਹਾਨ ਯੋਧਿਆਂ ਨੂੰ ਚੇਤੇ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਹਾਨ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਰਹੀ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਸਿੱਖਿਆ ਕਰਾਂਤੀ ਜਰੀਏ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਬਣਾ ਦਿੱਤਾ ਹੈ ਅਤੇ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਨੇ ਸਿਹਤ ਕਰਾਂਤੀ ਨੂੰ ਸਿਖ਼ਰਾਂ ‘ਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬਾ ਨਿਵਾਸੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਤੇ ਇਸ ਦਾ ਲਾਭ ਰਾਜ ਦੇ 65 ਲੱਖ ਪਰਿਵਾਰ ਲੈਣਗੇ।
ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਨੂੰ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰ ਦੇਣ ਦੇ ਯੋਗ ਬਣਾਉਣ ਦਾ ਤਹੱਈਆ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਸਾਡੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ, ਇਸ ਲਈ ਉਦਮਤਾ ਨੂੰ 11ਵੀਂ ਜਮਾਤ ‘ਚ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਤੋਂ ਬਿਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਾਠਕ੍ਰਮ ਲਾਗੂ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸੂਬੇ ‘ਚ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ‘ਚ ਬਦਲਿਆ ਜਾ ਰਿਹਾ ਹੈ ਤੇ ਇਕੱਲੇ ਪਟਿਆਲਾ ਜ਼ਿਲ੍ਹੇ ‘ਚ ਹੀ 10 ਐਮੀਨੈਂਸ ਸਕੂਲ ਚੱਲ ਰਹੇ ਹਨ ਅਤੇ ਇੱਥੇ ਹੋਲਿਸਟਿਕ ਪਲੈਨ ਅਧੀਨ 8 ਸਕੂਲਾਂ ਨੂੰ 62.50 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਸਕੂਲ ਆਫ਼ ਬਰਿਲੀਐਂਸ ਅਧੀਨ ਬਾਰਨ ਸਕੂਲ ਨੂੰ 82.50 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ। ਇਸੇ ਤਰ੍ਹਾਂ ਪਟਿਆਲਾ ਦੇ 21 ਗਰੀਨ ਸਕੂਲਾਂ ਨੂੰ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਟਰਾਂਸਪੋਰਟੇਸ਼ਨ ਦੀ ਸੇਵਾ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ 2024 ‘ਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਆਈ.ਟੀ.ਆਈਜ ‘ਚ ਸੀਟਾਂ ਦੀ ਗਿਣਤੀ ਵਧਾ ਕੇ 52000 ਕੀਤੀ ਗਈ ਹੈ ਤੇ ਉਦਯੋਗ ਤੇ ਮਾਰਕੀਟ ਦੀਆਂ ਲੋੜਾਂ ਮੁਤਾਬਕ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ। ਇਸ ਤੋਂ ਬਿਨ੍ਹਾਂ ਯੂਨੀਵਰਸਿਟੀਆਂ, ਆਈ.ਟੀ.ਈਜ ਤੇ ਬਹੁਤਨਕੀਨੀ ਕਾਲਜਾਂ ‘ਚ ਦੇਸ਼ ਦਾ ਪਹਿਲਾ ਇੰਟਰਪ੍ਰੀਨਿਉਰ ਮਾਂਈਡਸੈਟ ਕੋਰਸ ਸ਼ੁਰੂ ਕੀਤਾ ਗਿਆ ਹੈ। ਜਦਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ 245 ਕਰੋੜ ਰੁਪਏ ਦਾ ਬਜਟ ਰੱਖਕੇ ਸਰਕਾਰ ਨੇ ਗਰੀਬ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਵਪਾਰੀਆਂ, ਨਿਵੇਸ਼ਕਾਂ, ਐਨ.ਆਰ.ਆਈਜ, ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਤੇ ਪੁਲਿਸ ਮੁਲਾਜਮਾਂ ਤੇ ਆਸ਼ਰਿਤਾਂ, ਖਿਡਾਰੀਆਂ, ਬਜ਼ੁਰਗਾਂ, ਵਿਧਵਾਵਾਂ ਤੇ ਬੇਸਹਾਰਾ ਔਰਤਾਂ, ਬੱਚਿਆਂ ਤੇ ਦਿਵਿਆਂਗਜਨਾਂ ਲਈ ਭਲਾਈ ਯੋਜਨਾਵਾਂ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੰਜਾਬ ‘ਚ ਸੜਕਾਂ ਦੇ ਨਵੀਨੀਕਰਨ ਸਮੇਤ 40103 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਕਰਨ ਸਮੇਤ ਸੜਕ ਸੁਰੱਖਿਆ ਫੋਰਸ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਤੇ ਮੁੱਖ ਬੁਲਾਰੇ ਬਲਤੇਜ ਪੰਨੂ, ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਸਿੰਘ ਬਾਜ਼ੀਗਰ, ਸਨੌਰ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਪੀ.ਆਰ.ਟੀ.ਸੀ ਦੇ ਮਨੋਨੀਤ ਚੇਅਰਮੈਨ ਹਰਪਾਲ ਜੁਨੇਜਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਬਲਵਿੰਦਰ ਝਾਂੜਵਾਂ, ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਦਿਹਾਤੀ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਵਿਰਕ, ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਬਲਕਾਰ ਸਿੰਘ ਗੱਜੂਮਾਜਰਾ, ਗੁਰਵਿੰਦਰ ਸਿੰਘ, ਪ੍ਰਿੰਸ ਲਾਂਬਾ, ਸੰਦੀਪ ਬੰਧੂ, ਗੱਜਣ ਸਿੰਘ, ਸਿਮਰਨ ਗਰੇਵਾਲ ਸਮੇਤ ਵੱਡੀ ਗਿਣਤੀ ਸ਼ਹਿਰ ਦੇ ਕੌਂਸਲਰ, ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਸਮਾਗਮ ਸਮੇਂ ਸਪੈਸ਼ਲ ਡੀ.ਜੀ.ਪੀ. ਡਾ. ਨਰੇਸ਼ ਅਰੋੜਾ, ਡਵਜੀਨਲ ਕਮਿਸ਼ਨਰ ਵਿਨੈ ਬੁਬਲਾਨੀ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਅਵਤਾਰ ਸਿੰਘ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਐਸ.ਪੀ ਵਰੁਣ ਸ਼ਰਮਾ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵੀ.ਸੀ. ਡਾ. ਰਤਨ ਸਿੰਘ, ਪਦਮਸ੍ਰੀ ਜਗਜੀਤ ਸਿੰਘ ਦਰਦੀ ਤੇ ਪ੍ਰਾਣ ਸੱਭਰਵਾਲ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ, ਸੰਯੁਕਤ ਕਮਿਸ਼ਨਰ ਸੋਨਮ, ਏ.ਡੀ.ਸੀਜ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਤੌਰ ਤੇ ਡਾ. ਇਸਮਤ ਵਿਜੇ ਸਿੰਘ, ਐਸ.ਪੀਜ ਵੈਭਵ ਚੌਧਰੀ ਤੇ ਪਲਵਿੰਦਰ ਸਿੰਘ ਚੀਮਾ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ, ਦੀਪਜੋਤ ਕੌਰ, ਐਸ.ਡੀ.ਐਮ ਹਰਜੋਤ ਕੌਰ ਮਾਵੀ, ਸੀ.ਐਮ.ਐਫ.ਓ. ਸਤੀਸ਼ ਚੰਦਰ, ਜੁਡੀਸ਼ੀਅਲ ਅਧਿਕਾਰੀਆਂ ਸਮੇਤ ਸਿਵਲ ਤੇ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ।
ਸਮਾਗਮ ਮੌਕੇ ਸਿੱਖਿਆ ਮੰਤਰੀ ਨੇ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ, ਪਰੇਡ ਕਮਾਂਡਰ ਤੇ ਪਰੇਡ ‘ਚ ਸ਼ਾਮਲ ਟੁਕੜੀਆਂ ਦੇ ਪਲਟੂਨ ਕਮਾਂਡਰਾਂ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਹਰਜੋਤ ਸਿੰਘ ਬੈਂਸ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ ਅਤੇ ਬਲਤੇਜ ਪੰਨੂ ਸਮੇਤ ਸਮੂਹ ਵਿਧਾਇਕਾਂ ਨੂੰ ਵੀ ਸਨਮਾਨਤ ਕੀਤਾ ਗਿਆ।
ਸਿੱਖਿਆ ਮੰਤਰੀ ਨੇ ਗਣਤੰਤਰ ਦਿਵਸ ਦੇ ਸਮਾਗਮਾਂ ‘ਚ ਹਿੱਸਾ ਲੈਣ ਵਾਲੀਆਂ ਵਿੱਦਿਅਕ ਸੰਸਥਾਵਾਂ ਲਈ ਮਿਤੀ 27 ਜਨਵਰੀ ਦੀ ਛੁੱਟੀ ਦਾ ਵੀ ਐਲਾਨ ਕੀਤਾ। ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਗਈਆਂ ਝਾਕੀਆਂ ਵਿੱਚੋਂ ਸਿੱਖਿਆ ਵਿਭਾਗ ਦੀ ਝਾਕੀ ਸਰੋਵਤਮ ਰਹੀ। ਇਸ ਮੌਕੇ ਲੋੜਵੰਦਾਂ ਨੂੰ ਰੈਡ ਕਰਾਸ ਵੱਲੋਂ ਸਿਲਾਈ ਮਸ਼ੀਨਾਂ ਅਤੇ ਟਰਾਈਸਾਇਕਲਾਂ ਵੀ ਤਕਸੀਮ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਗਣੰਤਤਰ ਦਿਵਸ ‘ਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਅਤੇ ਸਮਾਗਮ ਦੀ ਸਫ਼ਲਤਾ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।
ਸਮਾਰੋਹ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਫ਼ਤਹਿ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਪਟਿਆਲਾ ਪੁਲਿਸ, ਪੰਜਾਬ ਹੋਮ ਗਾਰਡਜ, ਐਨ.ਸੀ.ਸੀ, ਰੈਡ ਕਰਾਸ ਦੀ ਸੈਂਟ ਜੋਨ ਐਂਬੂਲੈਂਸ ਬ੍ਰਿਗੇਡ, ਸਟੂਡੈਂਟ ਪੁਲਿਸ ਕੈਡੇਟ, ਸਕਾਊਟ ਐਂਡ ਗਾਈਡ ਤੇ ਆਈ.ਆਰ.ਬੀ. ਦਾ ਪਾਈਪ ਬੈਂਡ ਦੀਆਂ 11 ਟੁਕੜੀਆਂ ਮਾਰਚ ਪਾਸਟ ਵਿੱਚ ਸ਼ਾਮਲ ਹੋਈਆਂ।
ਗਣਤੰਤਰ ਦਿਵਸ ਦੇ ਸਮਾਗਮ ਮੌਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਵਿਕਟੋਰੀਆ ਸਕੂਲ, ਸਰਕਾਰੀ ਕੰਨਿਆ ਸਕੂਲ ਪੁਰਾਣੀ ਪੁਲਿਸ ਲਾਈਨ, ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਤੇ ਸਰਕਾਰੀ ਸਕੂਲ ਸਨੌਰੀ ਗੇਟ ਦੀਆਂ ਵਿਦਿਆਰਥਣਾਂ ਦੇਸ਼ ਭਗਤੀ ਦੇ ਗੀਤਾਂ ‘ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ। ਪੀ.ਟੀ. ਸ਼ੋਅ ‘ਚ ਡੀ.ਏ.ਵੀ. ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ, ਨਰਾਇਣ ਸਕੂਲ ਅਤੇ ਜੈਮਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਬੁੱਢਾ ਦਲ ਪਬਲਿਕ ਸਕੂਲ ਦੇ ਬੱਚਿਆਂ ਨੇ ਦੇਸ਼ ਦੀ ਅਨੇਕਤਾ ਵਿੱਚ ਏਕਤਾ ਨੂੰ ਦਰਸਾਉਂਦੀ ਪੇਸ਼ਕਾਰੀ ਕੀਤੀ। ਗਿੱਧੇ ਵਿੱਚ ਸਰਕਾਰੀ ਕਾਲਜ ਲੜਕੀਆਂ, ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ, ਸਰਕਾਰੀ ਸਕੂਲ ਮਾਡਲ ਟਾਊਨ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਤੇ ਪੰਜਾਬੀ ਯੂਨੀਵਰਸਿਟੀ ਦੇ ਮਾਡਲ ਸਕੂਲ ਦੀਆਂ ਲੜਕੀਆਂ ਨੇ ਹਿੱਸਾ ਲਿਆ।
ਭੰਗੜੇ ‘ਚ ਸਕੂਲ ਆਫ਼ ਐਮੀਨੈਂਸ ਫੀਲਖਾਨਾ, ਸਰਕਾਰੀ ਮਲਟੀਪਰਪਜ ਸਮਾਰਟ ਸਕੂਲ ਪਾਸੀ ਰੋਡ, ਸਰਕਾਰੀ ਸਮਾਰਟ ਸਕੂਲ ਸਿਵਲ ਲਾਈਨ, ਸੀਨੀਅਰ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ, ਸਰਕਾਰੀ ਮਹਿੰਦਰਾ ਕਾਲਜ, ਬਿਕਰਮ ਕਾਲਜ ਆਫ ਕਾਮਰਸ, ਖਾਲਸਾ ਕਾਲਜ ਤੇ ਯੂਨੀਵਰਸਿਟੀ ਕੈਂਪਸ ਦੇ ਨੌਜਵਾਨ ਵਿਦਿਆਰਥੀਆਂ ਨੇ ਪੇਸ਼ਕਾਰੀ ਕੀਤੀ। ਸਮਾਗਮ ਦੇ ਅਖੀਰ ਵਿੱਚ ਗਰਲਜ ਕਾਲਜ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਆ ਅਤੇ ਵਾਣੀ ਇੰਟੇਗ੍ਰੇਟਿਡ ਸਕੂਲ ਫਾਰ ਡੈਫ ਐਂਡ ਸਪੈਸ਼ਲ ਚਿਲਡਰਨ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਨ ਦੌਰਾਨ ਸੰਕੇਤਕ ਭਾਸ਼ਾ ‘ਚ ਸ਼ਮੂਲੀਅਤ ਕੀਤੀ।







